For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ ਹੜ੍ਹ ਦੀ ਮਾਰ ਹੇਠ ਆਉਣ ਵਾਲੇ ਸੰਭਾਵੀ ਇਲਾਕਿਆਂ ਦਾ ਦੌਰਾ

07:07 AM Jul 01, 2024 IST
ਡੀਸੀ ਵੱਲੋਂ ਹੜ੍ਹ ਦੀ ਮਾਰ ਹੇਠ ਆਉਣ ਵਾਲੇ ਸੰਭਾਵੀ ਇਲਾਕਿਆਂ ਦਾ ਦੌਰਾ
ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਹੋਰ ਅਧਿਕਾਰੀ।
Advertisement

ਸਤਵਿੰਦਰ ਬਸਰਾ
ਲੁਧਿਆਣਾ, 30 ਜੂਨ
ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ’ਚ ਆਉਂਦੇ ਦਿਨਾਂ ਦੌਰਾਨ ਮੀਂਹ ਪੈਣ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਫੁਰਤੀ ਵਿੱਚ ਆ ਗਿਆ ਹੈ।
ਮੀਂਹ ਦੇ ਪਾਣੀ ਦੀ ਨਿਕਾਸੀ ਅਤੇ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਡਰੇਨਾਂ ਦੀ ਸਫ਼ਾਈ ਕਾਰਜਾਂ ਤੋਂ ਇਲਾਵਾ ਸੰਭਾਵੀ ਖ਼ਤਰਨਾਕ ਹੜ੍ਹ ਪ੍ਰਭਾਵ ਥਾਵਾਂ ਦਾ ਜਾਇਜ਼ਾ ਵੀ ਲਿਆ ਗਿਆ। ਅੱਜ ਲੁਧਿਆਣਾ ਵਿੱਚ ਸਾਰਾ ਦਿਨ ਬੱਦਲਵਾਈ ਰਹੀ ਅਤੇ ਕਈ ਥਾਵਾਂ ’ਤੇ ਕਿਣ-ਮਿਣ ਵੀ ਹੋਈ। ਇਸ ਕਾਰਨ ਤਾਪਮਾਨ ਵਿੱਚ ਕਰੀਬ ਸੱਤ ਡਿਗਰੀ ਸੈਲਸੀਅਸ ਤੱਕ ਕਮੀ ਆਈ ਹੈ।
ਪਿਛਲੇ ਦਿਨੀਂ ਲੁਧਿਆਣਾ ਵਿੱਚ ਪਏ ਪਹਿਲੇ ਮੀਂਹ ਦੇ ਪਾਣੀ ਦੀ ਢੁੱਕਵੀਂ ਨਿਕਾਸੀ ਨਾ ਹੋਣ ਕਰਕੇ ਪੂਰਾ ਲੁਧਿਆਣਾ ਜਲ-ਥਲ ਹੋ ਗਿਆ ਸੀ। ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਤੋਂ ਛੁਟਕਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸੰਭਾਵਿਤ ਹੜ੍ਹ ਵਾਲੀਆਂ ਥਾਵਾਂ ਦੇ ਦੌਰੇ ਕੀਤੇ ਜਾ ਰਹੇ ਹਨ। ਅੱਜ ਵੀ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਡੀਆਰਓ ਗੁਰਜਿੰਦਰ ਸਿੰਘ, ਕਾਰਜਕਾਰੀ ਇੰਜਨੀਅਰ ਡਰੇਨੇਜ਼ ਰਜਤ ਗਰੋਵਰ ਅਤੇ ਹੋਰ ਅਧਿਕਾਰੀਆਂ ਦੇ ਨਾਲ ਡਰੇਨਾਂ ਵਿੱਚ ਪੋਕਲੇਨ ਮਸ਼ੀਨਾਂ ਰਾਹੀਂ ਸਫ਼ਾਈ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਪ੍ਰਕਿਰਿਆ ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਐਮਰਜੈਂਸੀ ਵਰਤੋਂ ਲਈ ਧੂਲੇਵਾਲ ਕੰਪਲੈਕਸ ਨੇੜੇ ਰੇਤ ਦੇ ਭਰੇ ਹੋਏ ਥੈਲਿਆਂ ਦਾ ਵੱਡੀ ਮਾਤਰਾ ਵਿੱਚ ਸਟਾਕ ਕਰਨ ਲਈ ਵੀ ਕਿਹਾ। ਸਾਹਨੀ ਨੇ ਕਿਹਾ ਕਿ ਕਾਰਜਕਾਰੀ ਏਜੰਸੀਆਂ ਸਤਲੁਜ ਦਰਿਆ ਦੇ ਨਾਲ-ਨਾਲ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ (ਐੱਸਡੀਐੱਮ) ਰੋਜ਼ਾਨਾ ਕੰਮਾਂ ਦੀ ਪ੍ਰਗਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਦਰਿਆ ਦੇ ਨਾਲ-ਨਾਲ ਸਮੁੱਚੇ ਖੇਤਰ ’ਤੇ ਸਾਰੇ ਕਮਜ਼ੋਰ ਬਨ੍ਹਾਂ ਨੂੰ ਮਜ਼ਬੂਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹ ਵਰਗੀ ਸਥਿਤੀ ’ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Advertisement

ਮੀਂਹ ਦੀ ਪੇਸ਼ੀਨਗੋਈ

ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ’ਚ ਆਉਂਦੇ ਦਿਨਾਂ ’ਚ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ। ਪੀਏਯੂ ਦੇ ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 33.2 ਅਤੇ ਘੱਟ ਤੋਂ ਘੱਟ ਤਾਪਮਾਨ 26.5 ਡਿਗਰੀ ਸੈਲਸੀਅਸ ਰਿਹਾ ਹੈ।

Advertisement
Author Image

Advertisement
Advertisement
×