ਡੀਸੀ ਵੱਲੋਂ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਦੌਰਾ
ਪੱਤਰ ਪ੍ਰੇਰਕ
ਜਲੰਧਰ, 6 ਫਰਵਰੀ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਬਿਲਕੁਲ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਕਪੂਰ ਤੇ ਹਜ਼ਾਰਾ ਦਾ ਦੌਰਾ ਕਰ ਕੇ ਜਿੱਥੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀ ਸ਼ਲਾਘਾ ਕੀਤੀ ਗਈ, ਉੱਥੇ ਹੀ ਬਾਕੀ ਕਿਸਾਨਾਂ ਨੂੰ ਵੀ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਤੋਂ ਸੇਧ ਲੈ ਕੇ ਵਾਤਾਵਰਨ ਸੰਭਾਲ ’ਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਗਿਆ। ਅੱਜ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਚਰਚਾ ਦੌਰਾਨ ਜਿੱਥੇ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਯੋਗ ਨਿਪਟਾਰੇ ਲਈ ਸਬਸਿਡੀ ਉੱਪਰ ਦਿੱਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ ਗਿਆ, ਉੱਥੇ ਹੀ ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਾਲੇ ਕਿਸਾਨ ਵਾਤਾਵਰਨ ਦੀ ਰਾਖੀ ਲਈ ਵੀ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਪਰਾਲਿਆਂ ਦੇ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਆਉਂਦੇ ਸੀਜਨ ਵਿਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਤੋਂ ਸੇਧ ਲੈਂਦਿਆਂ ਬਾਕੀ ਕਿਸਾਨਾਂ ਨੂੰ ਵੀ ਵਾਤਾਵਰਨ ਅਤੇ ਮਨੁੱਖੀ ਸਿਹਤ ਦੇ ਪੱਖ ਵਿਚ ਭਰਵਾਂ ਹੁੰਗਾਰਾ ਭਰਨਾ ਚਾਹੀਦਾ ਹੈ। ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੇ ਦੱਸਿਆ ਕਿ ਨਵੀਆਂ ਤਕਨੀਕਾਂ ਅਪਣਾਉਣ ਨਾਲ ਉਨ੍ਹਾਂ ਦੇ ਖੇਤੀ ਖਰਚੇ ਘਟੇ ਹਨ ਅਤੇ ਫਸਲ ਦੀ ਗੁਣਵੱਤਾ ਤੇ ਝਾੜ ਵਧਿਆ ਹੈ।