ਨਸ਼ੇ ਕਾਰਨ ਮੌਤ: ਦੂਜੇ ਦਿਨ ਵੀ ਨਾ ਹੋਇਆ ਸਸਕਾਰ
ਸ਼ੰਗਾਰਾ ਸਿੰਘ ਅਕਲੀਆ
ਜੋਗਾ, 23 ਨਵੰਬਰ
ਪਿੰਡ ਅਕਲੀਆ ਦੇ 22 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦਾ ਮਾਮਲਾ ਦੂਜੇ ਦਿਨ ਸ਼ਨਿਚਰਵਾਰ ਨੂੰ ਵੀ ਨਾ ਸੁਲਝ ਸਕਿਆ। ਹਾਲਾਂਕਿ, ਜੋਗਾ ਪੁਲੀਸ ਨੇ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਪਰ ਮ੍ਰਿਤਕ ਦੇ ਵਾਰਿਸ ਅਤੇ ਜਥੇਬੰਦੀਆਂ ਦੇ ਆਗੂ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਸਰਕਾਰੀ ਨੌਕਰੀ, ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ’ਤੇ ਕਾਰਵਾਈ ਅਤੇ ਕਥਿਤ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਦੀ ਮੰਗ ਲਈ ਅੜੇ ਹੋਏ ਹਨ। ਅੱਜ ਗੁਰਪ੍ਰੀਤ ਸਿੰਘ ਦੀ ਲਾਸ਼ ਸੜਕ ’ਤੇ ਰੱਖ ਕੇ ਮਾਨਸਾ-ਬਰਨਾਲਾ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ ਜਿਸ ਕਾਰਨ ਮੁਸਾਫਰਾਂ ਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮਾਨਸਾ ਤੋਂ ਬਰਨਾਲਾ ਜਾਣ ਵਾਲੀਆਂ ਬੱਸਾਂ ਅਤੇ ਹੋਰ ਵਾਹਨਾਂ ਨੂੰ ਆਪਣੇ ਰਾਹ ਬਦਲਣੇ ਪਏ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ। ਡੀਐੱਸਪੀ ਬੂਟਾ ਸਿੰਘ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਪਰ ਧਰਨਕਾਰੀਆਂ ਨਾਲ ਉਨ੍ਹਾਂ ਦੀ ਕੋਈ ਸਹਿਮਤੀ ਨਹੀਂ ਬਣ ਸਕੀ। ਐੱਸਡੀਐੱਮ ਮਾਨਸਾ ਵੱਲੋਂ ਧਰਨਾਕਾਰੀਆਂ ਨੂੰ ਦਿੱਤਾ ਗਿਆ ਭਰੋਸਾ ਵੀ ਨਕਾਰ ਦਿੱਤਾ ਗਿਆ। ਸ਼ਨਿਚਰਵਾਰ ਨੂੰ ਧਰਨੇ ਮੌਕੇ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਕਾਮਰੇਡ ਭਗਵੰਤ ਸਿੰਘ ਸਮਾਓਂ, ਲਖਵੀਰ ਸਿੰਘ ਅਕਲੀਆ ਭਾਕਿਯੂ ਡਕੌਂਦਾ ਇਸਤਰੀ ਵਿੰਗ ਦੀ ਕੁਲਵਿੰਦਰ ਕੌਰ ਤੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਨਸ਼ੇ ਦੀ ਹੋ ਰਹੀ ਸਪਲਾਈ ਤੇ ਨਸ਼ਾ ਤਸਕਰਾਂ ਨੂੰ ਹੱਥ ਨਾ ਪਾ ਸਕਣਾ ਨੌਜਵਾਨਾਂ ਦੀ ਮੌਤ ਦਾ ਕਾਰਨ ਬਣ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿ ਅਨੇਕਾਂ ਵਾਰ ਪਿੰਡ ਵਾਸੀਆਂ ਵੱਲੋਂ ਨਸ਼ਾ ਤਸਕਰਾਂ ਦੀ ਪੁਲੀਸ ਨੂੰ ਸੂਹ ਦੇਣ ਦੇ ਬਾਅਦ ਵੀ ਉਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਇਹ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ ਤੇ ਧਰਨਾ ਵੀ ਇਸੇ ਰੂਪ ਵਿੱਚ ਜਾਰੀ ਰਹੇਗਾ। ਡੀਐੱਸਪੀ ਬੂਟਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲੀਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤ ਰਹੀ। ਪੁਲੀਸ ਲਗਾਤਾਰ ਧਰਨਾਕਾਰੀਆਂ ਨਾਲ ਗੱਲਬਾਤ ਕਰ ਰਹੀ ਹੈ।