ਜੇਲ੍ਹ ’ਚ ਮੌਤ: ਮ੍ਰਿਤਕ ਹਵਾਲਾਤੀ ਖ਼ਿਲਾਫ਼ ਕੇਸ ਦਰਜ
ਟ੍ਰਿਬਿਉੂਨ ਨਿਉੂ਼ਜ਼ ਸਰਵਿਸ
ਅੰਮ੍ਰਿਤਸਰ, 2 ਸਤੰਬਰ
ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਹਵਾਲਾਤੀ ਦੀ ਭੇਤ-ਭਰੀ ਮੌਤ ਦੇ ਮਾਮਲੇ ਵਿੱਚ ਪੁਲੀਸ ਨੇ ਮ੍ਰਿਤਕ ਖ਼ਿਲਾਫ਼ ਸਰਕਾਰੀ ਕਰਮਚਾਰੀ ’ਤੇ ਹਮਲਾ ਕਰਨ ਅਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਬੀਤੇ ਕੱਲ੍ਹ ਕੇਂਦਰੀ ਜੇਲ ਵਿੱਚ ਛੋਟਾ ਹਰੀਪੁਰਾ ਦੇ ਰਹਿਣ ਵਾਲੇ ਰਾਹੁਲ ਦੀ ਭੇਤਭਰੀ ਮੌਤ ਹੋ ਗਈ ਸੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਦੇ ਬਾਹਰ ਧਰਨਾ ਦਿੱਤਾ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਸੀ ਕਿ ਰਾਹੁਲ ’ਤੇ ਜੇਲ੍ਹ ਵਿੱਚ ਤਸ਼ੱਦਦ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਜੇਲ੍ਹ ਦੇ ਸਹਾਇਕ ਸੁਪਰਡੈਂਟ ’ਤੇ ਗੰਭੀਰ ਦੋਸ਼ ਲਾਏ ਸਨ। ਪਰਿਵਾਰਕ ਮੈਂਬਰਾਂ ਦਾ ਦਾਅਵਾ ਸੀ ਕਿ ਉਨ੍ਹਾਂ ਨੂੰ ਰਾਹੁਲ ਦੀ ਇਸ ਹਾਲਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਐਤਵਾਰ ਨੂੰ ਹੀ ਉਨ੍ਹਾਂ ਨੂੰ ਇੱਕ ਸਿਪਾਹੀ ਰਾਹੀਂ ਇਸ ਬਾਰੇ ਜਾਣਕਾਰੀ ਮਿਲੀ ਜਿਸ ਤੋਂ ਬਾਅਦ ਉਹ ਗੁਰੂ ਨਾਨਕ ਦੇਵ ਹਸਪਤਾਲ ਅਤੇ ਹੋਰ ਥਾਵਾਂ ’ਤੇ ਗੇੜੇ ਮਾਰ ਕੇ ਪ੍ਰੇਸ਼ਾਨ ਹੁੰਦੇ ਰਹੇ। ਇਸ ਮਾਮਲੇ ਨੇ ਅੱਜ ਉਸ ਵੇਲੇ ਨਵਾਂ ਮੋੜ ਲਿਆ ਜਦੋਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਪ੍ਰਭ ਦਿਆਲ ਸਿੰਘ ਦੀ ਸ਼ਿਕਾਇਤ ’ਤੇ ਮ੍ਰਿਤਕ ਰਾਹੁਲ ਦੇ ਖਿਲਾਫ ਸਰਕਾਰੀ ਕਰਮਚਾਰੀ ’ਤੇ ਹਮਲਾ ਕਰਨ ਅਤੇ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ। ਜੇਲ੍ਹ ਅਧਿਕਾਰੀ ਵੱਲੋਂ ਲਾਏ ਗਏ ਦੋਸ਼ ਮੁਤਾਬਕ ਰਾਹੁਲ ਨੇ ਜੇਲ੍ਹ ਮੁਲਾਜ਼ਮਾਂ ਨਾਲ ਝਗੜਾ ਕੀਤਾ ਤੇ ਜਬਰਦਸਤੀ ਬੈਰਕ ਤੋਂ ਬਾਹਰ ਆਉਣ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਰਾਹੁਲ ਦੀ ਭੇਤਭਰੀ ਹਾਲਤ ਦੀ ਮੌਤ ਦੀ ਨਿਆਇਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੁਡੀਸ਼ਲ ਮਜਿਸਟਰੇਟ ਗਰਿਮਾ ਗੁਪਤਾ ਦੀ ਮੌਜੂਦਗੀ ਵਿੱਚ ਡਾਕਟਰਾਂ ਦੇ ਇੱਕ ਮੈਡੀਕਲ ਬੋਰਡ ਨੇ ਲਾਸ਼ ਦਾ ਪੋਸਟਮਾਰਟਮ ਕੀਤਾ ਹੈ।