For the best experience, open
https://m.punjabitribuneonline.com
on your mobile browser.
Advertisement

ਜਲੰਧਰ ਵਿੱਚ ਕਰੋਨਾ ਪਾਜ਼ੇਟਿਵ ਔਰਤ ਦੀ ਮੌਤ

06:46 AM Dec 24, 2023 IST
ਜਲੰਧਰ ਵਿੱਚ ਕਰੋਨਾ ਪਾਜ਼ੇਟਿਵ ਔਰਤ ਦੀ ਮੌਤ
Advertisement

ਪੱਤਰ ਪ੍ਰੇਰਕ
ਜਲੰਧਰ, 23 ਦਸੰਬਰ
ਕਰੋਨਾ ਕਾਰਨ ਅੱਜ ਇੱਥੇ ਇਕ ਮਹਿਲਾ (60 ਸਾਲ) ਦੀ ਮੌਤ ਹੋ ਗਈ ਹੈ। ਉਹ ਸ਼ੂਗਰ ਤੋਂ ਵੀ ਪੀੜਤ ਸੀ। ਉਹ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਸਪਤਾਲ ’ਚ ਉਸ ਦਾ ਕਰੋਨਾ ਟੈਸਟ ਕੀਤਾ ਗਿਆ ਤੇ ਰਿਪੋਰਟ ਪਾਜ਼ੇਟਿਵ ਆਈ। ਜਲੰਧਰ ’ਚ 46 ਸਾਲਾ ਵਿਅਕਤੀ ਦੇ ਕਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਉਸ ਨੂੰ ਘਰ ’ਚ ਇਕਾਂਤਵਾਸ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਦੱਸਿਆ ਕਿ ਜਲੰਧਰ ਦੇ ਸਿਵਲ ਹਸਪਤਾਲ ’ਚ ਕਰੋਨਾ ਮਰੀਜ਼ਾਂ ਲਈ ਚਾਰ ਬਿਸਤਰਿਆਂ ਦਾ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ।

Advertisement

ਪੰਜਾਬ ’ਚ ਮਾਸਕ ਪਹਿਨਣ ਤੇ ਹੋਰ ਨੇਮਾਂ ਦੀ ਪਾਲਣਾ ਸਬੰਧੀ ਹਦਾਇਤ

ਚੰਡੀਗੜ੍ਹ (ਟਨਸ): ਪੰਜਾਬ ਵਿੱਚ ਕਰੋਨਾਵਾਇਰਸ ਦੇ ਨਵੇਂ ਵੇਰੀਐਂਟ ਜੇਐੱਨ-1 ਦੇ ਐਕਟਿਵ ਹੋਣ ’ਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਹਦਾਇਤਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਵੱਲੋਂ ਜਾਰੀ ਕੀਤੀਆਂ ਗਈਆਂ ਹਨ। ਵੇਰਵਿਆਂ ਅਨੁਸਾਰ ਸਿਹਤ ਵਿਭਾਗ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਮਰੀਜ਼ ਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਲਾਜ਼ਮੀ ਤੌਰ ’ਤੇ ਮਾਸਕ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸੇ ਦੌਰਾਨ ਸਿਹਤ ਖਰਾਬ ਹੋਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਦੇਸ਼ ਵਿੱਚ 752 ਨਵੇਂ ਕੇਸ ਸਾਹਮਣੇ ਆਏ

ਨਵੀਂ ਦਿੱਲੀ: ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 752 ਨਵੇਂ ਕੇਸ ਸਾਹਮਣੇ ਆਉਣ ਮਗਰੋਂ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 3,420 ਹੋ ਗਈ ਹੈ। ਇਹ ਦੇਸ਼ ਵਿੱਚ 21 ਮਈ ਤੋਂ ਬਾਅਦ ਤੋਂ ਇੱਕ ਦਿਨ ਵਿੱਚ ਸਾਹਮਣੇ ਆਏ ਕਰੋਨਾ ਕੇਸਾਂ ਦੇ ਸਭ ਤੋਂ ਵੱਧ ਮਾਮਲੇ ਹਨ। ਅੱਜ ਸਵੇਰੇ ਜਾਰੀ ਕੀਤੇ ਗਏ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕਰੋਨਾ ਕਾਰਨ ਕੇਰਲ ਵਿੱਚ ਦੋ ਅਤੇ ਰਾਜਸਥਾਨ ਤੇ ਕਰਨਾਟਕ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਮਗਰੋਂ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 5,33,332 ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 4.50 ਕਰੋੜ (4,50,07,964) ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਕਰੋਨਾ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਧ ਕੇ 4,44,71,212 ਹੋ ਗਈ ਹੈ। -ਪੀਟੀਆਈ

Advertisement
Author Image

joginder kumar

View all posts

Advertisement
Advertisement
×