ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੰਜ ਮਜ਼ਦੂਰਾਂ ਦੀ ਮੌਤ

06:50 AM Mar 21, 2024 IST

* ਪੁਲੀਸ ਨੇ ਕੇਸ ਦਰਜ ਕਰਕੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ

Advertisement

ਰਣਜੀਤ ਸਿੰਘ ਸ਼ੀਤਲ/ਗੁਰਦੀਪ ਸਿੰਘ ਲਾਲੀ
ਦਿੜ੍ਹਬਾ ਮੰਡੀ/ਸੰਗਰੂਰ, 20 ਮਾਰਚ
ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲੰਘੀ ਰਾਤ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਜਦਕਿ 11 ਵਿਅਕਤੀਆਂ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਨ੍ਹਾਂ ’ਚੋਂ 4 ਜਣਿਆਂ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲੀਸ ਨੇ ਇਸ ਮਾਮਲੇ ’ਚ ਕੇਸ ਦਰਜ ਕਰਕੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੇ ਵਿਅਕਤੀ ਪਿੰਡ ਗੁੱਜਰਾਂ ਤੇ ਮਜ਼ਦੂਰ ਪਰਿਵਾਰਾਂ ਨਾਲ ਸਬੰਧਤ ਸਨ।
ਮ੍ਰਿਤਕਾਂ ਦੀ ਪਛਾਣ ਭੋਲਾ ਸਿੰਘ ਪੁੱਤਰ ਬਸੰਤ ਸਿੰਘ, ਨਿਰਮਲ ਸਿੰਘ ਤੇ ਪ੍ਰਗਟ ਸਿੰਘ ਦੋਵੇਂ ਪੁੱਤਰ ਜੋਰਾ ਸਿੰਘ, ਜਗਜੀਤ ਸਿੰਘ ਪੁੱਤਰ ਜੋਗਾ ਸਿੰਘ ਅਤੇ ਲਾਡੀ ਸਿੰਘ ਪੁੱਤਰ ਜਗਰੂਪ ਸਿੰਘ ਵਜੋਂ ਹੋਈ ਹੈ।

ਸੰਗਰੂਰ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਵੀਰਪਾਲ ਸਿੰਘ।

ਬਸੰਤ ਸਿੰਘ ਪਿਛਲੇ ਕਈ ਸਾਲਾਂ ਤੋਂ ਆਪਣੇ ਨਾਨਕੇ ਪਿੰਡ ਗੁੱਜਰਾਂ ਰਹਿ ਰਿਹਾ ਸੀ ਅਤੇ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲ ਰਿਹਾ ਸੀ। ਉਹ ਦੋ ਭਰਾ ਅਤੇ ਤਿੰਨ ਭੈਣਾਂ ਦਾ ਭਰਾ ਸੀ। ਇਸ ਘਟਨਾ ’ਚ ਮਾਰੇ ਗਏ ਨਿਰਮਲ ਸਿੰਘ ਅਤੇ ਪ੍ਰਗਟ ਸਿੰਘ ਸਕੇ ਭਰਾ ਸਨ ਜਿਨ੍ਹਾਂ ਦਾ ਜਨਮ ਵੀ ਇਕੱਠਿਆਂ ਹੋਇਆ ਹੈ ਅਤੇ ਮੌਤ ਵੀ ਇਕੱਠਿਆਂ ਦੀ ਹੋਈ ਹੈ। ਪਰਿਵਾਰ ਨੇ ਦੱਸਿਆ ਕਿ ਪ੍ਰਗਟ ਸਿੰਘ ਮਜ਼ਦੂਰੀ ਕਰਦਾ ਸੀ ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਿਆ ਹੈ ਜਦਕਿ ਨਿਰਮਲ ਸਿੰਘ ਵੀ ਦੋ ਬੱਚਿਆਂ ਦਾ ਬਾਪ ਸੀ। ਚੌਥਾ ਵਿਅਕਤੀ ਜਗਜੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਗੁੱਜਰਾਂ ਮਾਪਿਆਂ ਦੀ ਇਕਲੌਤਾ ਪੁੱਤਰ ਤੇ ਤਿੰਨ ਭੈਣਾਂ ਦਾ ਭਰਾ ਸੀ। ਉਹ ਪਿੱਛੇ ਪਤਨੀ ਤੇ ਤਿੰਨ ਬੱਚੇ ਛੱਡ ਗਿਆ ਹੈ। ਦੋ ਹੋਰ ਵਿਅਕਤੀ ਵੀਰਪਾਲ ਸਿੰਘ ਤੇ ਸਤਨਾਮ ਸਿੰਘ ਹਸਪਤਾਲ ਦਾਖਲ ਹਨ। ਥਾਣਾ ਦਿੜ੍ਹਬਾ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੇਸ ਦਰਜ ਕਰਕੇ ਸ਼ਰਾਬ ਵੇਚਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਮਾਮਲੇ ਦੀ ਨਿਗਰਾਨੀ ਕਰ ਰਹੇ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਸੁੱਖੀ ਤੇ ਮਨਪ੍ਰੀਤ ਸਿੰਘ ਮਨੀ ਦੋਵੇਂ ਵਾਸੀ ਪਿੰਡ ਗੁੱਜਰਾਂ ਨੂੰ ਪਹਿਲਾਂ ਫੜਿਆ ਗਿਆ ਸੀ ਜਦਕਿ ਗੁਰਲਾਲ ਸਿੰਘ ਨਾਂ ਦੇ ਵਿਅਕਤੀ ਨੂੰ ਬਾਅਦ ਵਿੱਚ ਫੜਿਆ ਗਿਆ ਹੈ। ਸੰਗਰੂਰ ਦੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਕੁੱਲ 16 ਵਿਅਕਤੀ ਸਿਵਲ ਹਸਪਤਾਲ ਦਾਖਲ ਕਰਾਏ ਗਏ ਸਨ ਜਿਨ੍ਹਾਂ ’ਚੋਂ 5 ਜਣਿਆਂ ਦੀ ਮੌਤ ਹੋ ਚੁੱਕੀ ਹੈ ਜਦਕਿ 11 ਵਿਅਕਤੀਆਂ ’ਚੋਂ 4 ਨੂੰ ਪਟਿਆਲਾ ਰੈੱਫ਼ਰ ਕੀਤਾ ਗਿਆ ਹੈ ਅਤੇ ਬਾਕੀ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹਨ।

Advertisement

ਪਿੰਡ ਢੰਡੋਲ ਖੁਰਦ ਦੇ ਛੇ ਵਿਅਕਤੀ ਹਸਪਤਾਲ ਦਾਖਲ

ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਪਿੰਡ ਢੰਡੋਲੀ ਕਲਾਂ ਦੇ ਭਗਵਾਨ ਸਿੰਘ ਨੇ ਦੱਸਿਆ ਕਿ ਇਸ ਪਿੰਡ ਦੇ ਛੇ ਵਿਅਕਤੀਆਂ ਨੂੰ ਸਿਹਤ ਖਰਾਬ ਹੋਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ’ਚੋਂ ਚਾਰ ਵਿਅਕਤੀ ਹਰਪਾਲ ਸਿੰਘ, ਬੇਅੰਤ ਸਿੰਘ, ਰਾਮ ਚੰਦ ਅਤੇ ਸ਼ਮੀ ਸਿੰਘ ਸੰਗਰੂਰ ਦੇ ਸਿਵਲ ਹਸਪਤਾਲ ਦਾਖਲ ਹਨ ਜਦਕਿ ਕੁਲਦੀਪ ਸਿੰਘ ਅਤੇ ਜੰਟਾ ਸਿੰਘ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈੱਫਰ ਕਰ ਦਿੱਤਾ ਹੈ। ਇਹ ਸਾਰੇ ਹੀ ਮਜ਼ਦੂਰ ਹਨ ਜਿਨ੍ਹਾਂ ਵਿੱਚੋਂ ਪੰਜ ਦੀ ਉਮਰ 30 ਸਾਲ ਦੇ ਕਰੀਬ ਹੈ ਜਦਕਿ ਦੋ ਦੀ ਉਮਰ 40 ਸਾਲ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ਸ਼ੱਕ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਵੀ ਜ਼ਹਿਰੀਲੀ ਸ਼ਰਾਬ ਪੀਤੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਚ ਤਾਕਤੀ ਜਾਂਚ ਕਮੇਟੀ ਗਠਿਤ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਪਿੰਡ ਗੁੱਜਰਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਦੀ ਜਾਂਚ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਉੱਚ ਤਾਕਤੀ ਕਮੇਟੀ ਬਣਾ ਦਿੱਤੀ ਹੈ ਜੋ 72 ਘੰਟਿਆਂ ਅੰਦਰ ਪੜਤਾਲ ਮਗਰੋਂ ਆਪਣੀ ਰਿਪੋਰਟ ਸੌਂਪੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐੱਸਐੱਸਪੀ ਸਰਤਾਜ ਸਿੰਘ ਚਹਿਲ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਜਾਂਚ ਕਮੇਟੀ ਦਾ ਚੇਅਰਮੈਨ ਐੱਸਡੀਐੱਮ ਦਿੜ੍ਹਬਾ ਨੂੰ ਲਗਾਇਆ ਗਿਆ ਹੈ ਜਦਕਿ ਡੀਐੱਸਪੀ ਦਿੜ੍ਹਬਾ, ਸੀਨੀਅਰ ਮੈਡੀਕਲ ਅਫ਼ਸਰ ਦਿੜ੍ਹਬਾ ਤੇ ਈਟੀਓ ਦਿੜ੍ਹਬਾ (ਆਬਕਾਰੀ) ਨੂੰ ਮੈਂਬਰਾਂ ਵਜੋਂ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਗੁੱਜਰਾਂ ’ਚ ਘਰ-ਘਰ ਸਰਵੇਖਣ ਸ਼ੁਰੂ ਕਰਵਾ ਦਿੱਤਾ ਹੈ ਕਿ ਜੇਕਰ ਕਿਸੇ ਹੋਰ ਵਿਅਕਤੀ ਦੀ ਸਿਹਤ ਖਰਾਬ ਹੋਵੇ ਤਾਂ ਉਸ ਨੂੰ ਫੌਰੀ ਮੈਡੀਕਲ ਸਹਾਇਤਾ ਮੁਹੱਈਆ ਕੀਤੀ ਜਾ ਸਕੇ।

Advertisement