ਹਵਾਲਾਤੀ ਦੀ ਮੌਤ; ਪਰਿਵਾਰਕ ਮੈਂਬਰਾਂ ਵੱਲੋਂ ਪ੍ਰਦਰਸ਼ਨ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 1 ਸਤੰਬਰ
ਸਥਾਨਕ ਕੇਂਦਰੀ ਜੇਲ੍ਹ ਵਿੱਚ ਛੋਟਾ ਹਰੀਪੁਰਾ ਖੇਤਰ ਨਾਲ ਸਬੰਧਤ ਹਵਾਲਾਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਘਟਨਾ ਦਾ ਖੁਲਾਸਾ ਅੱਜ ਉਸ ਵੇਲੇ ਹੋਇਆ ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਡਿਪਟੀ ਸੁਪਰਡੈਂਟ ’ਤੇ ਸਰੀਰਕ ਤਸ਼ੱਦਦ ਦਾ ਦੋਸ਼ ਲਗਾਉਂਦਿਆਂ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਸਰੀਰਕ ਤਸ਼ੱਦਦ ਕਾਰਨ ਉਸ ਦੀ ਮੌਤ ਹੋਈ ਹੈ। ਪੁਲੀਸ ਅਧਿਕਾਰੀਆਂ ਵੱਲੋਂ ਘਟਨਾ ਦੀ ਨਿਆਂਇਕ ਜਾਂਚ ਦਾ ਭਰੋਸਾ ਦੇਣ ਮਗਰੋਂ ਧਰਨਾਕਾਰੀਆਂ ਨੇ ਧਰਨਾ ਚੁੱਕ ਲਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਰਾਹੁਲ ਨੂੰ ਪੁਲੀਸ ਨੇ ਬੇਬੁਨਿਆਦ ਦੋਸ਼ਾਂ ਤਹਿਤ ਚੁੱਕ ਕੇ ਮਹੀਨਾ ਪਹਿਲਾਂ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਰਾਹੁਲ ਨੇ ਫੋਨ ਕਰਕੇ ਦੱਸਿਆ ਕਿ ਡਿਪਟੀ ਸੁਪਰਡੈਂਟ ਨੇ ਉਸ ’ਤੇ ਤਸ਼ੱਦਦ ਕੀਤਾ ਹੈ। ਕੁਝ ਦਿਨਾਂ ਮਗਰੋਂ ਉਸ ਨੇ 7 ਲੱਖ ਰੁਪਏ ਦੀ ਮੰਗ ਵੀ ਕੀਤੀ ਕਿਉਂਕਿ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਸ ਦੀ ਮਾਂ ਜੇਲ੍ਹ ਵਿੱਚ ਉਸ ਨੂੰ ਮਿਲਣ ਗਈ ਤਾਂ ਮਿਲਣ ਨਾ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਨੂੰ ਤਸੀਹੇ ਦਿੱਤੇ ਗਏ ਅਤੇ ਉਸ ਦੀ ਮੌਤ ਹੋ ਗਈ। ਜੇਲ੍ਹ ਵਿੱਚੋਂ ਕਿਸੇ ਨੇ ਵੀ ਉਸ ਦੀ ਵਿਗੜਦੀ ਹਾਲਤ ਬਾਰੇ ਪਰਿਵਾਰ ਨੂੰ ਸੂਚਿਤ ਨਹੀਂ ਕੀਤਾ ਤੇ ਅੱਜ ਵੀ ਪੁਲੀਸ ਵਾਲੇ ਗੁਮਰਾਹ ਕਰਦੇ ਰਹੇ ਜਿਸ ਕਾਰਨ ਉਨ੍ਹਾਂ ਧਰਨਾ ਦਿੱਤਾ। ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਰਾਹੁਲ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੈਡੀਕਲ ਬੋਰਡ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਦਕਿ ਨਿਆਂਇਕ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।