ਮੱਧ ਪ੍ਰਦੇਸ਼ ਬੱਸ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਨੌਂ ਹੋਈ
ਮੈਹਰ, 29 ਸਤੰਬਰ
ਮੱਧ ਪ੍ਰਦੇਸ਼ ਦੇ ਮੈਹਰ ਜ਼ਿਲ੍ਹੇ ਵਿੱਚ ਵਾਪਰੇ ਬੱਸ ਹਾਦਸੇ ਦੇ ਜ਼ਖ਼ਮੀ ਤਿੰਨ ਹੋਰ ਜਣਿਆਂ ਦੀ ਅੱਜ ਮੌਤ ਹੋ ਗਈ। ਇਸ ਦੇ ਨਾਲ ਹੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਨੌਂ ਹੋ ਗਈ ਹੈ। ਪੁਲੀਸ ਨੇ ਅੱਜ ਇੱਥੇ ਦੱਸਿਆ ਕਿ ਮ੍ਰਿਤਕਾਂ ਵਿੱਚੋਂ ਸੱਤ ਜਣੇ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ।
ਪੁਲੀਸ ਨੇ ਦੱਸਿਆ ਕਿ ਸ਼ਨਿੱਚਰਵਾਰ ਰਾਤ ਕਰੀਬ 11 ਵਜੇ ਮੈਹਰ ਵਿੱਚ ਇੱਕ ਬੱਸ ਦੀ ਪੱਥਰਾਂ ਨਾਲ ਲੱਦੇ ਟਰੱਕ ਨਾਲ ਟੱਕਰ ਹੋਣ ਕਾਰਨ ਕਰੀਬ 20 ਜਣੇ ਜ਼ਖ਼ਮੀ ਹੋ ਗਏ ਸਨ। ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 25 ਕਿਲੋਮੀਟਰ ਦੂਰ ਨੈਸ਼ਨਲ ਹਾਈਵੇਅ ਨੰਬਰ 30 ’ਤੇ ਵਾਪਰਿਆ। ਮੈਹਰ ਦੇ ਐੱਸਪੀ ਸੁਧੀਰ ਅਗਰਵਾਲ ਨੇ ਦੱਸਿਆ ਕਿ ਬੱਸ ਵਿੱਚ ਕਰੀਬ 45 ਯਾਤਰੀ ਸਵਾਰ ਸੀ। ਉਨ੍ਹਾਂ ਦੱਸਿਆ ਕਿ ਬੱਸ ਪ੍ਰਯਾਗਰਾਜ ਤੋਂ ਰੀਵਾ ਹੁੰਦਿਆਂ ਨਾਗਪੁਰ ਜਾ ਰਹੀ ਸੀ, ਇਸੇ ਦੌਰਾਨ ਉਹ ਨਾਦਨ ਦੇਹਾਤ ਥਾਣੇ ਨੇੜੇ ਹਾਦਸਾਗ੍ਰਸਤ ਹੋ ਗਈ। ਐੱਸਪੀ ਨੇ ਦੱਸਿਆ ਕਿ ਛੇ ਜਣਿਆਂ ਦੀ ਮੌਕੇ ’ਤੇ ਮੌਤ ਹੋ ਗਈ ਪਰ ਤਿੰਨ ਹੋਰਾਂ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ ਨੌਂ ਹੋ ਗਈ ਹੈ।
ਪੁਲੀਸ ਨੇ ਦੱਸਿਆ ਕਿ ਸਾਰੇ ਮ੍ਰਿਤਕ ਪੁਰਸ਼ ਹਨ ਅਤੇ ਉਨ੍ਹਾਂ ਵਿੱਚ ਇੱਕ ਚਾਰ ਸਾਲਾ ਬੱਚਾ ਵੀ ਸ਼ਾਮਲ ਹੈ। ਅਗਰਵਾਲ ਨੇ ਦੱਸਿਆ ਕਿ ਸੱਤ ਲਾਸ਼ਾਂ ਦੀ ਪਛਾਣ ਹੋ ਚੁੱਕੀ ਹੈ। ਚਾਰ ਮ੍ਰਿਤਕ ਜੌਨਪੁਰ ਅਤੇ ਤਿੰਨ ਪ੍ਰਤਾਪਗੜ੍ਹ ਦੇ ਰਹਿਣ ਵਾਲੇ ਹਨ। ਐੱਸਪੀ ਨੇ ਦੱਸਿਆ ਕਿ ਦੋ ਹੋਰਾਂ ਦੀ ਪਛਾਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਰੀਵਾ ਦੇ ਵੱਖ ਵੱਖ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਹਾਦਸੇ ’ਤੇ ਦੁੱਖ ਜ਼ਾਹਿਰ ਕੀਤਾ ਹੈ। -ਪੀਟੀਆਈ