ਸੋਹਾਣਾ ਬਹੁਮੰਜ਼ਿਲਾ ਇਮਾਰਤ ਹਾਦਸੇ ’ਚ ਮੌਤਾਂ ਦੀ ਗਿਣਤੀ ਦੋ ਹੋਈ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 22 ਦਸੰਬਰ
ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਬੀਤੀ ਸ਼ਾਮ ਢਹਿ-ਢੇਰੀ ਹੋਈ ਬਹੁਮੰਜ਼ਿਲਾ ਇਮਾਰਤ ਦੇ ਮਲਬੇ ’ਚੋਂ ਅੱਜ ਇੱਕ ਹੋਰ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਭਿਸ਼ੇਕ ਕੁਮਾਰ (30) ਵਾਸੀ ਅੰਬਾਲਾ ਵਜੋਂ ਹੋਈ ਹੈ। ਬੀਤੀ ਰਾਤ ਹਿਮਾਚਲ ਪ੍ਰਦੇਸ਼ ਦੀ ਲੜਕੀ ਦ੍ਰਿਸ਼ਟੀ ਵਰਮਾ (20) ਦੀ ਲਾਸ਼ ਮਿਲੀ ਸੀ। ਮੁਹਾਲੀ ਦੀ ਐੱਸਡੀਐੱਮ ਦਮਨਦੀਪ ਕੌਰ ਅਤੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੋਸਟਮਾਰਟਮ ਮਗਰੋਂ ਦੋਵੇਂ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਬਚਾਅ ਕਾਰਜਾਂ ਵਿੱਚ ਡਟੀ ਐੱਨਡੀਆਰਐੱਫ ਦੀ ਟੀਮ ਨੇ ਸਪੱਸ਼ਟ ਕੀਤਾ ਹੈ ਕਿ ਮਲਬੇ ਹੇਠਾਂ ਹੋਰ ਕਿਸੇ ਵਿਅਕਤੀ ਦੇ ਦੱਬੇ ਹੋਣ ਦੀ ਸੰਭਾਵਨਾ ਨਹੀਂ ਹੈ। ਡੀਐੱਸਪੀ ਨੇ ਦੱਸਿਆ ਕਿ ਬਹੁਮੰਜ਼ਿਲਾ ਇਮਾਰਤ ਦੇ ਮਾਲਕਾਂ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਪਿੰਡ ਚਾਓਮਾਜਰਾ (ਮੁਹਾਲੀ) ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਜਿਮ ਦੇ ਨਾਲ ਖਾਲੀ ਥਾਂ ਵਿੱਚ ਬੇਸਮੈਂਟ ਦੀ ਖੁਦਾਈ ਕਰ ਰਹੇ ਠੇਕੇਦਾਰ ਨੂੰ ਵੀ ਨਾਮਜ਼ਦ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਸ਼ਾਮ ਨੂੰ ਸੋਹਾਣਾ ਵਿੱਚ ਰੌਇਲ ਜਿਮ ਦੀ ਬਹੁਮੰਜ਼ਿਲਾ ਇਮਾਰਤ ਮਿੰਟਾਂ ਵਿੱਚ ਤਹਿਸ-ਨਹਿਸ ਹੋ ਗਈ ਸੀ। ਬੇਸਮੈਂਟ ਸਮੇਤ ਤਿੰਨ ਮੰਜ਼ਿਲਾਂ ਵਿੱਚ ਜਿਮ ਚੱਲ ਰਿਹਾ ਸੀ ਜਦਕਿ ਉਪਰਲੀ ਮੰਜ਼ਿਲ ’ਤੇ ਇੱਕ ਟਿਊਸ਼ਨ ਸੈਂਟਰ ਅਤੇ ਇੱਕ ਮੰਜ਼ਿਲ ਪੀਜੀ ਲਈ ਵਰਤੀ ਜਾਂਦੀ ਸੀ।
ਬਾਜਵਾ ਨੇ ਸਰਕਾਰ, ਪ੍ਰਸ਼ਾਸਨ ਅਤੇ ਗਮਾਡਾ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸੋਹਾਣਾ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਸਰਕਾਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਗਮਾਡਾ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਬਹੁਮੰਜ਼ਿਲਾ ਇਮਾਰਤਾਂ ਧੜਾਧੜ ਬਣ ਰਹੀਆਂ ਹਨ ਪਰ ਸਬੰਧਤ ਅਧਿਕਾਰੀ ਜ਼ਮੀਨੀ ਪੱਧਰ ’ਤੇ ਪੜਤਾਲ ਕਰਨ ਤੋਂ ਘੇਸਲ ਵੱਟ ਲੈਂਦੇ ਹਨ। ਬਾਜਵਾ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਮੁਹਾਲੀ ਪ੍ਰਸ਼ਾਸਨ ਅਤੇ ਗਮਾਡਾ/ਪੁੱਡਾ ਵਿੱਚ ਆਪਸੀ ਤਾਲਮੇਲ ਦੀ ਵੱਡੀ ਘਾਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੱਬ ਆਸਰੇ ਹੀ ਚੱਲ ਰਹੀ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਪੜਤਾਲ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਮੰਜ਼ਿਲਾ ਇਮਾਰਤਾਂ ਦਾ ਮਾਮਲਾ ਵਿਧਾਨ ਸਭਾ ਵਿੱਚ ਵੀ ਚੁੱਕਿਆ ਜਾਵੇਗਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਫੌਰੀ ਰਾਹਤ ਅਤੇ ਯੋਗ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਹਰਜੀਤ ਸਿੰਘ ਬੈਦਵਾਨ ਵੀ ਹਾਜ਼ਰ ਸਨ।
ਡੀਸੀ ਵੱਲੋਂ ਮੈਜਿਸਟਰੇਟੀ ਜਾਂਚ ਦੇ ਹੁਕਮ
ਮੁਹਾਲੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸੋਹਾਣਾ ’ਚ ਬਹੁਮੰਜ਼ਿਲਾ ਇਮਾਰਤ ਢਹਿ-ਢੇਰੀ ਹੋਣ ਦੇ ਮਾਮਲੇ ਦੀ ਸਮਾਂਬੱਧ ਮੈਜਿਸਟਰੇਟੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਜਾਂਚ ਦੀ ਜ਼ਿੰਮੇਵਾਰੀ ਐੱਸਡੀਐੱਮ ਦਮਨਦੀਪ ਕੌਰ ਨੂੰ ਸੌਂਪੀ ਗਈ ਹੈ। ਉਨ੍ਹਾਂ ਨੂੰ ਤਿੰਨ ਹਫ਼ਤਿਆਂ ਦੇ ਅੰਦਰ-ਅੰਦਰ ਜਾਂਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਮੁਹਾਲੀ ਦੇ ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ, ਐੱਸਐੱਸਪੀ ਦੀਪਕ ਪਾਰਿਕ ਅਤੇ ਨਿਗਮ ਕਮਿਸ਼ਨਰ ਟੀ ਬੈਨਿਥ ਨੇ ਦੱਸਿਆ ਕਿ ਐੱਨਡੀਆਰਐੱਫ਼, ਫੌਜ ਅਤੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਕਰੀਬ 600 ਅਧਿਕਾਰੀ ਅਤੇ ਕਰਮਚਾਰੀ ਇਸ ਅਪਰੇਸ਼ਨ ਵਿੱਚ ਸ਼ਾਮਲ ਸਨ। ਉਨ੍ਹਾਂ ਬਚਾਅ ਅਤੇ ਰਾਹਤ ਕਾਰਜਾਂ ’ਚ 24 ਘੰਟੇ ਲੱਗੇ ਕਰਮੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਐੱਨਡੀਆਰਐੱਫ਼ ਦੀ ਟੀਮ ਦੇ 140 ਮੈਂਬਰ, ਫੌਜ ਦੀ 57 ਇੰਜਨੀਅਰ ਰੈਜੀਮੈਂਟ ਦੇ 167, ਮੁਹਾਲੀ ਪੁਲੀਸ ਦੇ 300 ਅਤੇ ਬਾਕੀ ਸਬੰਧਤ ਵਿਭਾਗਾਂ ਦੇ ਮੈਂਬਰ ਬਚਾਅ ਕਾਰਜਾਂ ਵਿੱਚ ਸ਼ਾਮਲ ਸਨ ਅਤੇ ਹਰੇਕ ਨੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਹੈ।