ਇਸਲਾਮਾਬਾਦ ਹਾਈ ਕੋਰਟ ਵੱਲੋਂ ਇਮਰਾਨ ਖ਼ਿਲਾਫ਼ ਫੌਜੀ ਮੁਕੱਦਮਾ ਚਲਾਉਣ ਸਬੰਧੀ ਪਟੀਸ਼ਨ ਦਾ ਨਿਬੇੜਾ
ਇਸਲਾਮਾਬਾਦ, 24 ਸਤੰਬਰ
ਇਸਲਾਮਾਬਾਦ ਹਾਈ ਕੋਰਟ ਨੇ ਅੱਜ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਫੌਜੀ ਮੁਕੱਦਮਾ ਚਲਾਉਣ ਸਬੰਧੀ ਪਟੀਸ਼ਨ ਦਾ ਨਿਬੇੜਾ ਕਰ ਦਿੱਤਾ। ਅਦਾਲਤ ਨੂੰ ਦੱਸਿਆ ਗਿਆ ਕਿ ਸੰਘੀ ਸਰਕਾਰ ਨੇ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਹੈ। ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੰਸਥਾਪਕ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਉਸ ਦੇ ਸਮਰਥਕਾਂ ਨੇ 9 ਮਈ 2023 ਨੂੰ ਫੌਜੀ ਟਿਕਾਣਿਆਂ ’ਤੇ ਹਮਲੇ ਕੀਤੇ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੀਟੀਆਈ ਸਮਰਥਕਾਂ ਵਿੱਚੋਂ 100 ਤੋਂ ਵੱਧ ਵਿਅਕਤੀਆਂ ਨੂੰ ਫੌਜੀ ਅਦਾਲਤਾਂ ਵਿੱਚ ਮੁਕੱਦਮੇ ਲਈ ਫੌਜੀ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਸੀ। ਕਈ ਸਰਕਾਰੀ ਅਧਿਕਾਰੀਆਂ ਨੇ ਸੰਕੇਤ ਦਿੱਤਾ ਕਿ ਇਮਰਾਨ ’ਤੇ ਵੀ ਫੌਜੀ ਅਦਾਲਤ ਵਿੱਚ ਮੁਕੱਦਮਾ ਚਲਾਇਆ ਜਾ ਸਕਦਾ ਹੈ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ (71) ਨੇ ਆਪਣੇ ਮੁਕੱਦਮੇ ਦੀ ਸੁਣਵਾਈ ਫੌਜੀ ਅਦਾਲਤ ਵਿੱਚ ਕੀਤੇ ਜਾਣ ਖ਼ਿਲਾਫ਼ ਇਸਲਾਮਾਬਾਦ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਸਰਕਾਰ ਦੇ ਜਵਾਬ ਮਗਰੋਂ ਇਸਲਾਮਾਬਾਦ ਹਾਈ ਕੋਰਟ ਨੇ ਪੀਟੀਆਈ ਆਗੂ ਦੇ ਫੌਜੀ ਮੁਕੱਦਮੇ ਨਾਲ ਸਬੰਧਤ ਪਟੀਸ਼ਨ ਦਾ ਨਿਬੇੜਾ ਕਰ ਦਿੱਤਾ। -ਪੀਟੀਆਈ