ਸਿੱਖ ਸ਼ਹੀਦ ਵਿਰਸਾ ਸੰਭਾਲ ਕਮੇਟੀ ਵੱਲੋਂ ਪਿੰਡਾਂ ’ਚ ਧਰਮ ਪ੍ਰਚਾਰ ਕਰਨ ਦਾ ਫ਼ੈਸਲਾ
ਰਾਜਿੰਦਰ ਸਿੰਘ ਮਰਾਹੜ
ਭਾਈ ਰੂਪਾ, 19 ਨਵੰਬਰ
ਸਿੱਖ ਸ਼ਹੀਦ ਵਿਰਸਾ ਸੰਭਾਲ ਕਮੇਟੀ ਨੇ ਹਲਕੇ ਦੇ ਪਿੰਡਾਂ ਵਿੱਚ ਧਰਮ ਪ੍ਰਚਾਰ ਅਤੇ ਸਮਾਜ ਸੁਧਾਰ ਲਹਿਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕਮੇਟੀ ਦੀ ਮੀਟਿੰਗ ਉਪਰੰਤ ਅਗਜ਼ੈਕਟਿਵ ਮੈਂਬਰਾਂ ਬਾਬਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ, ਬਾਬਾ ਹਰਦੀਪ ਸਿੰਘ ਮਹਿਰਾਜ, ਭਾਈ ਭਗਵਾਨ ਸਿੰਘ ਸੰਧੂ, ਭਾਈ ਮੋਹਤਮ ਸਿੰਘ ਕਲਿਆਣ, ਭਾਈ ਸੁਖਮੰਦਰ ਸਿੰਘ ਨਿਓਰ ਤੇ ਭਾਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਖ਼ਾਸ ਕਰ ਕੇ ਨੌਜਵਾਨ ਵਰਗ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ, ਕੁਰਬਾਨੀਆਂ ਭਰੇ ਸਿੱਖ ਇਤਿਹਾਸ ਤੇ ਸਿੱਖ ਵਿਰਸੇ ਤੋਂ ਜਾਣੂ ਕਰਵਾਉਣਾ ਹੈ। ਇਸ ਤਹਿਤ ਪਿੰਡਾਂ ਦੇ ਗੁਰਦੁਆਰਿਆਂ ’ਚ ਸੱਤ ਦਿਨ ਸਵੇਰੇ-ਸ਼ਾਮ ਕਥਾ ਕਰ ਕੇ ਬੱਚਿਆਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਦੇ ਨਾਲ ਗੁਰਬਾਣੀ ਦੀ ਸੰਥਿਆ ਕਰਵਾਈ ਜਾਵੇਗੀ। ਆਖ਼ਰੀ ਦਿਨ ਬੱਚਿਆਂ ਨੂੰ ਧਾਰਮਿਕ ਫ਼ਿਲਮ ਦਿਖਾਈ ਜਾਇਆ ਕਰੇਗੀ। ਕਮੇਟੀ ਵੱਲੋਂ ਭਰੂਣ ਹੱਤਿਆ, ਨਸ਼ੇ, ਦਾਜ ਦਹੇਜ ਅਤੇ ਰਿਸ਼ਵਤਖੋਰੀ ਵਰਗੀਆਂ ਸਮਾਜਿਕ ਕੁਰੀਤੀਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਬੇਸਹਾਰਾ ਤੇ ਲੋੜਵੰਦਾਂ ਦੀ ਸਹਾਇਤਾ ਅਤੇ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਵਿਆਹ ਕੀਤੇ ਜਾਣਗੇ। ਵਾਤਾਵਰਨ ਤੇ ਪਾਣੀ ਨੂੰ ਬਚਾਉਣ ਲਈ ਯਤਨ ਕੀਤੇ ਜਾਣਗੇ। ਬਾਬਾ ਸਤਨਾਮ ਸਿੰਘ ਦਿਆਲਪੁਰਾ ਨੇ ਕਿਹਾ ਕਿ ਕਮੇਟੀ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਪਿੰਡ ਦਿਆਲਪੁਰਾ ਮਿਰਜ਼ਾ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਕੀਤੀ ਗਈ ਹੈ।