ਇੰਜੀਨੀਅਰ ਰਾਸ਼ਿਦ ਦੀ ਨਿਯਮਿਤ ਜ਼ਮਾਨਤ ’ਤੇ ਫ਼ੈਸਲਾ 19 ਨਵੰਬਰ ਤੱਕ ਮੁਲਤਵੀ
ਨਵੀਂ ਦਿੱਲੀ, 27 ਅਕਤੂਬਰ
Engineer Rashid's bail case: ਦਿੱਲੀ ਦੀ ਇੱਕ ਅਦਾਲਤ ਵੰਲੋਂ ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਲੋਕ ਸਭਾ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਦੀ ਜ਼ਮਾਨਤ ਦੀ ਅਰਜ਼ੀ ’ਤੇ ਫੈ਼ਸਲਾ 19 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਹੈ। ਅਤਿਵਾਦੀ ਫੰਡਿੰਗ ਦੇ ਇੱਕ ਕਥਿਤ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਜੱਜ ਨੇ 10 ਸਤੰਬਰ ਨੂੰ ਸ਼ੇਖ ਅਬਦੁਲ ਰਾਸ਼ਿਦ ਉਰਫ਼ ਇੰਜੀਨੀਅਰ ਰਾਸ਼ਿਦ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਦੇ ਯੋਗ ਬਣਾਉਣ ਲਈ ਉਸ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਹੁਕਮਾਂ ਨੂੰ ਟਾਲਦਿਆਂ ਅੰਤ੍ਰਿਮ ਜ਼ਮਾਨਤ ਦਿੱਤੀ ਸੀ।
ਰਾਸ਼ਿਦ ਦੀ ਅੰਤ੍ਰਿਮ ਜ਼ਮਾਨਤ ਪਹਿਲਾਂ ਉਸ ਦੇ ਪਿਤਾ ਦੀ ਖਰਾਬ ਸਿਹਤ ਦੇ ਆਧਾਰ 'ਤੇ 28 ਅਕਤੂਬਰ ਤੱਕ ਵਧਾ ਦਿੱਤੀ ਗਈ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਦਸਤਾਵੇਜ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਪਟੀਸ਼ਨ ਦਾ ਵਿਰੋਧ ਨਹੀਂ ਕੀਤਾ ਸੀ। ਜ਼ਿਕਰਯੋਗ ਹੈ ਕਿ ਰਾਸ਼ਿਦ 2019 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਐੱਨਆਈਏ ਨੇ ਉਸਨੂੰ 2017 ਦੇ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਤਹਿਤ ਗ੍ਰਿਫ਼ਤਾਰ ਕੀਤਾ ਸੀ।
ਇਸ ਉਪਰੰਤ ਅੱਜ ਅੰਤਰਿਮ ਜ਼ਮਾਨਤ ਖਤਮ ਹੋਣ ਤੋਂ ਬਾਅਦ ਇੰਜੀਨੀਅਰ ਰਾਸ਼ੀਦ ਨੇ ਤਿਹਾੜ ਜੇਲ੍ਹ ਵਿਚ ਆਤਮ ਸਮਰਪਣ ਕੀਤਾ ਹੈ।
-ਪੀਟੀਆਈ