ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਫ਼ੈਸਲਾ ਛੇਤੀ ਹੋਣ ਦੇ ਆਸਾਰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਨੂੰ ਲੈ ਕੇ ਪਾਰਟੀ ਵੱਲੋਂ ਜਲਦ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਜਨਵਰੀ ਦੇ ਪਹਿਲੇ ਹਫ਼ਤੇ ਸੱਦੀ ਜਾ ਸਕਦੀ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਵਿਚਾਰਿਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ਨੇ ਲੈਣਾ ਹੈ। ਵਰਕਿੰਗ ਕਮੇਟੀ ਦੀ ਮੀਟਿੰਗ ਜਨਵਰੀ ਵਿੱਚ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਦੇ ਅਸਤੀਫ਼ੇ ਅਤੇ ਪਾਰਟੀ ਦੀ ਨਵੀਂ ਮੈਂਬਰਸ਼ਿਪ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਦੀ ਮਜ਼ਬੂਤੀ ਲਈ ਕਈ ਹੋਰ ਮਾਮਲਿਆਂ ’ਤੇ ਵਿਚਾਰ-ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਆਗੂਆਂ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਮਗਰੋਂ ਸੁਖਬੀਰ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਸ ਮਗਰੋਂ ਦੋ ਦਸੰਬਰ ਨੂੰ ਅਕਾਲ ਤਖ਼ਤ ਦੇ ਜਥੇਦਾਰਾਂ ਨੇ ਸੁਖਬੀਰ ਸਣੇ ਕਈ ਹੋਰਨਾਂ ਅਕਾਲੀ ਆਗੂਆਂ ਨੂੰ ਤਨਖਾਹ ਲਗਾਈ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇਨ੍ਹਾਂ ਦੇ ਅਸਤੀਫ਼ੇ ਪ੍ਰਵਾਨ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਅਸਤੀਫ਼ੇ ਪ੍ਰਵਾਨ ਕਰਨ ਲਈ ਕੁਝ ਦਿਨਾਂ ਦਾ ਸਮਾਂ ਮੰਗਿਆ ਸੀ।