For the best experience, open
https://m.punjabitribuneonline.com
on your mobile browser.
Advertisement

ਰਾਜੋਆਣਾ ਦੀ ਸਜ਼ਾ ਮੁਆਫੀ ਦੀ ਅਪੀਲ ਵਾਪਸ ਲੈਣ ਬਾਰੇ ਫੈਸਲਾ ਅੱਜ

07:35 AM Nov 30, 2023 IST
ਰਾਜੋਆਣਾ ਦੀ ਸਜ਼ਾ ਮੁਆਫੀ ਦੀ ਅਪੀਲ ਵਾਪਸ ਲੈਣ ਬਾਰੇ ਫੈਸਲਾ ਅੱਜ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਨਵੰਬਰ
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਰਾਸ਼ਟਰਪਤੀ ਕੋਲ ਕੀਤੀ ਗਈ ਅਪੀਲ ਵਾਪਸ ਲੈਣ ਬਾਰੇ ਅਗਲਾ ਫ਼ੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਿਆ ਜਾਵੇਗਾ। ਇਸ ਗੰਭੀਰ ਮਸਲੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਨੇ 72 ਘੰਟੇ ਦੇ ਨੋਟਿਸ ’ਤੇ 30 ਨਵੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ।
ਦੋ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰਨਾਂ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ, ਜਿਥੇ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਸਬੰਧੀ ਰਹਿਮ ਦੀ ਅਪੀਲ ਵਾਪਸ ਲੈਣ ਲਈ ਕਿਹਾ ਸੀ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਇਹ ਹੰਗਾਮੀ ਮੀਟਿੰਗ ਇੱਕ ਨੁਕਾਤੀ ਏਜੰਡੇ ’ਤੇ ਸੱਦੀ ਗਈ ਹੈ, ਜਿਸ ਵਿੱਚ ਭਾਈ ਰਾਜੋਆਣਾ ਦਾ ਮਾਮਲਾ ਵਿਚਾਰਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਭਾਈ ਰਾਜੋਆਣਾ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ 12 ਸਾਲ ਪਹਿਲਾਂ ਅਕਾਲ ਤਖਤ ਵੱਲੋਂ 23 ਮਾਰਚ 2012 ਨੂੰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਨ੍ਹਾਂ ਦੀ ਫਾਂਸੀ ਨਾਲ ਸਬੰਧਤ ਮਾਮਲੇ ਦੇ ਹੱਲ ਲਈ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਤੱਕ ਪਹੁੰਚ ਕਰਨ ਦਾ ਹੁਕਮ ਦਿੱਤਾ ਗਿਆ ਸੀ। ਇਸ ਤਹਿਤ ਸ਼੍ਰੋਮਣੀ ਕਮੇਟੀ ਨੇ 25 ਮਾਰਚ 2012 ਨੂੰ ਫਾਂਸੀ ਦੀ ਸਜ਼ਾ ਮੁਆਫੀ ਵਾਸਤੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਕੀਤੀ ਸੀ। ਇਸ ਅਪੀਲ ਤੋਂ ਬਾਅਦ ਉਨ੍ਹਾਂ ਦੀ ਫਾਂਸੀ ਦੀ ਸਜ਼ਾ ’ਤੇ ਰੋਕ ਤਾਂ ਲੱਗ ਗਈ ਪਰ 11 ਸਾਲ ਅੱਠ ਮਹੀਨੇ ਬੀਤਣ ਤੋਂ ਬਾਅਦ ਵੀ ਇਸ ਅਪੀਲ ’ਤੇ ਕੋਈ ਫੈਸਲਾ ਨਹੀਂ ਹੋਇਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕੇਂਦਰ ਸਰਕਾਰ ਵਿੱਚ ਭਾਈਵਾਲ ਹੋਣ ਦੇ ਬਾਵਜੂਦ ਵੀ ਇਸ ਅਪੀਲ ’ਤੇ ਕੋਈ ਫੈਸਲਾ ਨਹੀਂ ਕਰਵਾ ਸਕੇ। ਇਸ ਲਈ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਇਸ ਮਾਮਲੇ ਵਿੱਚ ਆਪਣੇ ਬਣਦੇ ਫਰਜ਼ ਨਾ ਅਦਾ ਕਰ ਸਕਣ ਦੇ ਬਦਲੇ ਅਕਾਲ ਤਖਤ ਤੇ ਸਾਹਮਣੇ ਖੜ੍ਹੇ ਹੋ ਕੇ ਸਮੁੱਚੇ ਖਾਲਸਾ ਪੰਥ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸੀ ਕਿ ਫਾਂਸੀ ਦੀ ਮੁਆਫੀ ਸਬੰਧੀ ਅਪੀਲ ਤੁਰੰਤ ਵਾਪਸ ਲਈ ਜਾਵੇ ਨਹੀਂ ਤਾਂ ਉਹ 5 ਦਸੰਬਰ ਤੋਂ ਭੁੱਖ ਹੜਤਾਲ ਰੱਖਣ ਲਈ ਮਜਬੂਰ ਹੋਣਗੇ।
ਜ਼ਿਕਰਯੋਗ ਹੈ ਕਿ ਇਸੇ ਮਾਮਲੇ ਨੂੰ ਵਿਚਾਰਨ ਲਈ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੰਡੀਗੜ੍ਹ ਵਿੱਚ ਸਿੱਖ ਵਿਦਵਾਨਾਂ ਅਤੇ ਸਿੱਖ ਕਾਨੂੰਨ ਮਾਹਿਰਾਂ ਨਾਲ ਵੀ ਮੀਟਿੰਗ ਕੀਤੀ ਸੀ, ਜਿਸ ਵਿਚ ਇਸ ਮਾਮਲੇ ਬਾਰੇ ਅਗਲੀ ਕਾਨੂੰਨੀ ਚਾਰਾਜੋਈ ਬਾਰੇ ਵਿਚਾਰ-ਚਰਚਾ ਕੀਤੀ ਗਈ ਸੀ।

Advertisement

ਜਥੇਦਾਰ ਨੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਕੋਲੋਂ ਰਿਪੋਰਟ ਮੰਗੀ

ਅੰਮ੍ਰਿਤਸਰ (ਟ੍ਰਬਿਿਉੂਨ ਨਿਉੂਜ਼ ਸਰਵਿਸ): ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਜਲਦੀ ਫੈਸਲਾ ਕਰਵਾਉਣ ਦੇ ਮਾਮਲੇ ਵਿੱਚ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਕੋਲੋਂ ਦੋ ਦਿਨਾਂ ਵਿਚ ਰਿਪੋਰਟ ਮੰਗੀ ਹੈ। ਅੱਜ ਇਸ ਬਾਰੇ ਦੋਵੇਂ ਪ੍ਰਮੁੱਖ ਸਿੱਖ ਸੰਸਥਾਵਾਂ ਨੂੰ ਪੱਤਰ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ 14 ਨਵੰਬਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਾਮਲੇ ਵਿਚ ਤੇਜ਼ ਅਤੇ ਗੰਭੀਰ ਯਤਨ ਕਰਨ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਕੀਤੇ ਗਏ ਯਤਨਾਂ ਦੀ ਰਿਪੋਰਟ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ਭੇਜਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਇਸ ਬਾਰੇ ਕਾਰਵਾਈ ਤੇਜ਼ ਕਰਨ ਲਈ ਮੁੜ ਪੱਤਰ ਜਾਰੀ ਕੀਤਾ ਗਿਆ ਹੈ।ਇਸ ਸਬੰਧੀ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੋ ਦਿਨਾਂ ਦੇ ਅੰਦਰ ਅਕਾਲ ਤਖ਼ਤ ਭੇਜਣ ਲਈ ਕਿਹਾ ਗਿਆ ਹੈ।

Advertisement
Author Image

joginder kumar

View all posts

Advertisement
Advertisement
×