ਮਨੁੱਖੀ ਅਧਿਕਾਰ ਦਿਵਸ ਨੂੰ ਰੋਸ ਦਿਹਾੜੇ ਵਜੋਂ ਮਨਾਉਣ ਦਾ ਫ਼ੈਸਲਾ
ਖੇਤਰੀ ਪ੍ਰਤੀਨਿਧ
ਬਰਨਾਲਾ, 5 ਨਵੰਬਰ
ਪੰਜਾਬ ਦੀਆਂ ਤਿੰਨ ਦਰਜਨ ਜਨਤਕ ਜਮਹੂਰੀ ਜਥੇਬੰਦੀਆਂ ਨੇ ਬਰਨਾਲਾ ਵਿੱਚ ਪੰਜਾਬ ਦੇ ਲੋਕਾਂ ਨੂੰ ‘ਕੌਮਾਂਤਰੀ ਮਨੁੱਖੀ ਅਧਿਕਾਰ’ ਦਿਹਾੜੇ ਨੂੰ ਹਕੂਮਤ ਵੱਲੋਂ ਮਨੁੱਖੀ ਤੇ ਜਮਹੂਰੀ ਅਧਿਕਾਰਾਂ ਉੱਤੇ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ। ਇੱਥੇ ਤਰਕਸ਼ੀਲ ਭਵਨ ਵਿਚ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਹੋਈ ਜਥੇਬੰਦੀਆਂ ਦੀ ਮੀਟਿੰਗ ਹੋਈ। ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜਥੇਬੰਦਕ ਮੁਖੀ ਰਜਿੰਦਰ ਭਦੌੜ ਅਤੇ ਜਮੂਹਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਜਥੇਬੰਦਕ ਮੁਖੀ ਨਰਭਿੰਦਰ ਪੱਧਰੀ ਨੇ ਦੱਸਿਆ ਕਿ ਨਵੇਂ ਫ਼ੌਜਦਾਰੀ ਕਾਨੂੰਨਾਂ, ਯੂਏਪੀਏ ਅਤੇ 295(299) ਆਦਿ ਹੋਰ ਕਾਲੇ ਕਾਨੂੰਨਾਂ ਵਿਰੁੱਧ ਸਾਂਝੀ ਮੁਹਿੰਮ ਚਲਾਉਣ ਦਾ ਫੈਸਲਾ ਲਿਆ ਗਿਆ। ਜਨਤਕ ਜਮਹੂਰੀ ਜਥੇਬੰਦੀਆਂ ਮਿਲ ਕੇ ਮਨੁੱਖੀ ਅਤੇ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਹਕੂਮਤ ਵੱਲੋਂ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਉਣਗੀਆਂ। ਮਹਿੰਮ ਦੀ ਤਿਆਰੀ ਲਈ ਜ਼ਿਲ੍ਹਾ ਪੱਧਰ ਉੱਤੇ 10 ਦਸੰਬਰ ਦੇ ਪ੍ਰੋਗਰਾਮਾਂ ਦੀ ਆਪਣੇ ਆਪਣੇ ਢੰਗ ਨਾਲ ਵਿਉਂਤਬੰਦੀ ਕਰਨ ਲਈ 25 ਨਵਬੰਰ ਨੂੰ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਗ੍ਰਿਫ਼ਤਾਰ ਬੁੱਧੀਜੀਵੀਆਂ ਨੂੰ ਰਿਹਾਅ ਕਰਨ, ਕਾਲੇ ਕਾਨੂੰਨ ਰੱਦ ਕਰਨ ਅਤੇ ਸਜ਼ਾ ਪੂਰੀ ਕਰ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।