ਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਫ਼ੈਸਲਾ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 13 ਜਨਵਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਮੂਹ ਗੁਰਦੁਆਰਿਆਂ ਦੀ ਸਾਂਝੀ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਲਿਆ ਗਿਆ।
ਆਗੂਆਂ ਨੇ ਦੱਸਿਆ ਕਿ 8 ਫਰਵਰੀ ਨੂੰ ਸਵੇਰੇ 9 ਵਜੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗ। ਉਨ੍ਹਾਂ ਦੱਸਿਆ ਕਿ 9 ਤੇ 10 ਫਰਵਰੀ ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਰਾਤ 12 ਵਜੇ ਤੱਕ ਵੱਖ-ਵੱਖ ਹਜ਼ੂਰੀ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਕਥਾ, ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗਿਆਨੀ ਚਰਨਜੀਤ ਸਿੰਘ, ਮਨਜੀਤ ਸਿੰਘ ਮਾਨ ਆਦਿ ਹਾਜ਼ਰ ਸਨ।