ਕਿਸਾਨ ਮਹਾਪੰਚਾਇਤ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦਾ ਫ਼ੈਸਲਾ
ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 8 ਜਨਵਰੀ
ਇੱਥੇ ਅੱਜ ਡਾ. ਭਾਗ ਸਿੰਘ ਹਾਲ ਵਿੱਚ ਸੀਪੀਆਈ ਐੱਮ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸੁਭਾਸ਼ ਮੱਟੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪਾਰਟੀ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਫਿਰਕੂ ਕਾਰਪੋਰੇਟ ਘਰਾਣਿਆਂ ਦੇ ਗੱਠਜੋੜ ਵਾਲੀ ਸਰਕਾਰ ਵੱਲੋਂ ਬਾਬਾ ਸਾਹਿਬ ਡਾ. ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਤੇ ਜਮਹੂਰੀਅਤ ’ਤੇ ਹਮਲੇ ਕੀਤੇ ਜਾ ਰਹੇ ਹਨ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਆਰਥਿਕ ਸਥਿਤੀ ਬਹੁਤ ਕਮਜ਼ੋਰ ਹੋ ਗਈ ਹੈ ਤੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਵੀ ਸਰਕਾਰ ਵੱਲੋਂ ਕਰਜ਼ਾ ਚੁੱਕਿਆ ਜਾ ਰਿਹਾ ਹੈ।
ਇਸ ਮੌਕੇ ਗੁਰਨੇਕ ਸਿੰਘ ਭੱਜਲ, ਮਹਿੰਦਰ ਕੁਮਾਰ ਬੱਡੋਆਣ, ਬਲਵਿੰਦਰ ਸਿੰਘ, ਰਣਜੀਤ ਸਿੰਘ, ਸੁਭਾਸ਼ ਮੱਟੂ ਅਤੇ ਆਸਾ ਨੰਦ ਨੂੰ ਜ਼ਿਲ੍ਹਾ ਸਕੱਤਰੇਤ ਮੈਂਬਰ ਚੁਣਿਆ ਗਿਆ। ਇਸ ਦੌਰਾਨ 9 ਜਨਵਰੀ ਨੂੰ ਮੋਗਾ ਮਹਾਪੰਚਾਇਤ ਵਿੱਚ ਵੱਧ ਤੋਂ ਵੱਧ ਸਾਥੀ ਲਿਜਾਉਣ ਦਾ ਫੈਸਲਾ ਕੀਤਾ ਗਿਆ ਤੇ ਸਬ-ਕਮੇਟੀਆਂ ਬਣਾਈਆਂ ਗਈਆਂ। ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਗੁਰਨੇਕ ਭੱਜਲ, ਸੂਬਾ ਕਮੇਟੀ ਮੈਂਬਰ ਦਰਸ਼ਨ ਮੱਟੂ, ਗੁਰਮੇਸ਼ ਸਿੰਘ, ਅੱਛਰ ਸਿੰਘ, ਨੀਲਮ ਬੱਡੋਆਣ, ਮਨਜੀਤ ਕੌਰ, ਰਘਵੀਰ ਸਿੰਘ, ਯਸ਼ਪਾਲ, ਪ੍ਰੇਮ ਲਤਾ ਤੇ ਹਰਬੰਸ ਧੂਤ ਹਾਜ਼ਰ ਸਨ।
ਤਰਨ ਤਾਰਨ: ਕਿਰਤੀ ਕਿਸਾਨ ਯੂਨੀਅਨ ਵੱਲੋਂ ਮੀਟਿੰਗ
ਤਰਨ ਤਾਰਨ:
ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਚੁਤਾਲਾ ਵਿੱਚ ਇੱਕ ਮੀਟਿੰਗ ਕਰ ਕੇ ਭਲਕੇ 9 ਜਨਵਰੀ ਨੂੰ ਮੋਗਾ ਵਿੱਚ ਹੋ ਰਹੀ ‘ਕਿਸਾਨ ਮਹਾਪੰਚਾਇਤ’ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ| ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂੰ, ਮੇਹਰ ਸਿੰਘ, ਸੂਬੇਦਾਰ ਸਤਵੰਤ ਸਿੰਘ ਸਮੇਤ ਹੋਰਨਾਂ ਨੇ ਵੀ ਵਿਚਾਰ ਪੇਸ਼ ਕੀਤੇ ਅਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੀ ਚੁੱਪ ’ਤੇ ਸਵਾਲ ਚੁੱਕੇ| ਬੁਲਾਰਿਆਂ ਨੇ ਕੇਂਦਰ ਸਰਕਾਰ ਦੇ ਖੇਤੀ ਖਰੜੇ ਨੂੰ ਸੂਬਾ ਸਰਕਾਰ ਵਲੋਂ ਰੱਦ ਕੀਤੇ ਜਾਣ ਦੀ ਮੰਗ ਕੀਤੀ| ਮੀਟਿੰਗ ਵਿੱਚ ਮੇਹਰ ਸਿੰਘ ਚੁਤਾਲਾ ਨੂੰ ਜਥੇਬੰਦੀ ਦੀ ਪਿੰਡ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ| -ਪੱਤਰ ਪ੍ਰੇਰਕ