ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਫ਼ੈਸਲਾ
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 17 ਮਈ
ਬੀਕੇਯੂ (ਏਕਤਾ ਉਗਰਾਹਾਂ) ਨੇ ਲੋਕ ਸਭਾ ਹਲਕਾ ਸੰਗਰੂਰ ’ਚ ਭਾਜਪਾ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਵੱਲੋਂ ਪਿੰਡਾਂ/ਸ਼ਹਿਰਾਂ ’ਚ ਕਾਰਕੁਨਾਂ ਨੂੰ ਭਾਜਪਾ ਖ਼ਿਲਾਫ਼ ਡਟਣ ਦੀ ਅਪੀਲ ਕੀਤੀ। ਜਥੇਬੰਦੀ ਨੇ ਇਹ ਫ਼ੈਸਲਾ ਇਥੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਲਿਆ।
ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਕਿਸਾਨੀ ਮੰਗਾਂ ਬਾਰੇ ਭਾਜਪਾ ਨੇ ਧੋਖਾ ਕੀਤਾ ਹੈ। ਇਸ ਦਾ ਬਦਲਾ ਹੁਣ ਸੂਬੇ ਦੇ ਕਿਸਾਨ ਲੋਕ ਸਭਾ ਚੋਣਾਂ ਮੌਕੇ ਭਾਜਪਾ ਦਾ ਵਿਰੋਧ ਕਰ ਕੇ ਲੈਣਗੇ। ਇਸ ਮੌਕੇ ਉਨ੍ਹਾਂ ਕਿਸਾਨ ਭਾਈਚਾਰੇ ਨੂੰ 26 ਮਈ ਨੂੰ ਬਰਨਾਲਾ ਵਿੱਚ ਹੋਣ ਵਾਲੀ ਕਿਸਾਨ ਮਹਾ-ਸੰਗਰਾਮ ਰੈਲੀ ’ਚ ਪੁੱਜਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ/ਸ਼ਹਿਰਾਂ ’ਚ ਵੜਨ ਤੱਕ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਰਾਮਸਰਨ ਸਿੰਘ ਉਗਰਾਹਾਂ, ਬਲਾਕ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਤੇ ਵਰਕਰ ਹਾਜ਼ਰ ਸਨ।