ਸਮਾਰਟ ਮੀਟਰਾਂ ਦਾ ਵਿਰੋਧ ਕਰਨ ਦਾ ਫ਼ੈਸਲਾ
ਪੱਤਰ ਪ੍ਰੇਰਕ,
ਮੁਕੇਰੀਆਂ, 17 ਦਸੰਬਰ
ਗੜ੍ਹਦੀਵਾਲਾ ਨੇੜਲੇ ਪਿੰਡ ਜੰਡੇ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਪਿੰਡਾਂ ਵਿੱਚ ਲਗਾਏ ਜਾ ਰਹੇ ਪ੍ਰੀਪੇਡ ਮੀਟਰਾਂ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ। ਪਰਮਜੀਤ ਸਿੰਘ ਭੁੱਲਾ ਨੇ ਸਰਮਾਏਦਾਰੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਜਥੇਬੰਦੀ ਦੇ ਸੰਵਿਧਾਨ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਅਰਬਾਂ-ਖਰਬਾਂ ਦੇ ਕਰਜ਼ੇ ਮੁਆਫ਼ ਕਰ ਰਹੀ ਹੈ। ਦੂਸਰੇ ਪਾਸੇ ਕਿਸਾਨਾਂ ਮਜ਼ਦੂਰਾਂ ਨੂੰ ਚੰਦ ਪੈਸਿਆਂ ਲਈ ਜਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਾਇਨਾਂਸ ਕੰਪਨੀਆਂ ਦੀ ਲੁੱਟ ਤੋਂ ਸਾਰਾ ਪੰਜਾਬ ਪੀੜਤ ਹੈ। ਇਸ ਸਬੰਧੀ 24 ਦਸੰਬਰ ਨੂੰ ਪਿੰਡ ਝੀਗੜ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ। ਸ੍ਰੀ ਭੁੱਲਾ ਨੇ ਕਿਹਾ ਕਿ ਗੰਨੇ ਦੀ ਪਰਚੀ ਸਬੰਧੀ ਕਿਸੇ ਛੋਟੇ ਕਾਸ਼ਤਕਾਰ ਨੂੰ ਤੰਗੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਗੁਰਦਿਆਲ ਸਿੰਘ, ਗੁਰਦੀਪ ਸਿੰਘ, ਸਬਵੀਰ ਸਿੰਘ, ਰਵਿੰਦਰ ਸਿੰਘ, ਅਮਰੀਕ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਰਣਜੀਤ ਕੌਰ, ਗੁਰਜੀਤ ਕੌਰ, ਪਰਮਜੀਤ ਕੌਰ, ਸੁਰਿੰਦਰ ਕੌਰ, ਗੁਰਦੀਪ ਕੌਰ, ਹਰਪਿੰਦਰ ਸਿੰਘ ਆਦਿ ਵੀ ਹਾਜ਼ਰ ਸਨ।