ਭਾਜਪਾ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਫ਼ੈਸਲਾ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 31 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ, ‘ਆਪ’ ਉਮੀਦਵਾਰ ਨੂੰ ਪੰਜਾਬ ਦੀਆਂ ਦੋ ਦਰਜਨ ਤੋਂ ਵੱਧ ਅਨਾਜ ਮੰਡੀਆਂ ਨੂੰ ਮਰਜ ਕੀਤੇ ਜਾਣ ਦੇ ਸਵਾਲ ਪੁੱਛਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਹੋਰ ਪਾਰਟੀਆਂ ਦੇ ਉਮੀਦਵਾਰਾਂ ਨੂੰ ਪੁੱਛਿਆ ਜਾਵੇਗਾ ਕਿ ਉਹ ਕਿਰਸਾਨੀ ਨੂੰ ਬਚਾਉਣ ਲਈ ਕੀ ਕਰਨਗੇ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਅਮਰੀਕ ਸਿੰਘ ਤੇ ਕੁੱਲ ਹਿੰਦ ਕਿਸਾਨ ਯੂਨੀਅਨ ਦੇ ਸੂਬਾ ਆਗੂ ਕੁਲਵੰਤ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਕੀਤੇ ਫ਼ੈਸਲਿਆਂ ਨੂੰ ਲਾਗੂ ਕਰਨ ਤੋਂ ਇਨਕਾਰੀ ਹੋਈ ਹੈ। ਕਿਰਸਾਨੀ ਮੰਗਾਂ ਨੂੰ ਹੱਲ ਕਰਵਾਉਣ ਲਈ ਸੰਘਰਸ਼ ਕਰਦੇ ਕਿਸਾਨਾਂ ਉੱਤੇ ਢਾਬੀ ਗੁੱਜਰਾਂ ਅਤੇ ਸ਼ੰਭੂ ਬਾਰਡਰ ਉੱਤੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰਨ ਅਤੇ ਸੈਂਕੜੇ ਕਿਸਾਨਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਉਣ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਪਿੰਡਾਂ ਤੇ ਸ਼ਹਿਰਾਂ ਵਿੱਚ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ। ਮਾਰਕੀਟ ਕਮੇਟੀਆਂ ਨੂੰ ਮਰਜ ਕਰਕੇ ਅਤੇ ਕਾਰਪੋਰੇਟ ਘਰਾਣਿਆਂ ਦੇ ਸੋਲੋ ਪਲਾਂਟਾ ਵਿੱਚ ਕਣਕ ਦੀ ਖ੍ਰੀਦ ਕੀਤੇ ਜਾਣ ਦੇ ਵਿਰੋਧ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਸਵਾਲ ਕੀਤੇ ਜਾਣਗੇ।