ਕੁੱਲਰੀਆਂ ਮਸਲੇ ’ਤੇ ਮੰਤਰੀਆਂ ਨੂੰ ਕਾਲੇ ਝੰਡੇ ਦਿਖਾਉਣ ਦਾ ਫੈਸਲਾ
07:18 AM Aug 02, 2024 IST
ਖੇਤਰੀ ਪ੍ਰਤੀਨਿਧ
ਬਰਨਾਲਾ, 1 ਅਗਸਤ
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਇੱਥੇ ਗੁਰਦੁਆਰਾ ਬਾਬਾ ਕਾਲਾ ਮਾਹਿਰ ਵਿਚ ਕੀਤੀ ਗਈ। ਇਸ ਵਿੱਚ 14 ਜ਼ਿਲ੍ਹਿਆਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਖਜ਼ਾਨਚੀਆਂ ਨੇ ਭਾਗ ਲਿਆ। ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕੁੱਲਰੀਆਂ ਦੇ ਕਿਸਾਨਾਂ ਨੂੰ ਇਨਸਾਫ਼ ਦਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਹਰ ਜ਼ਿਲ੍ਹੇ ਵਿੱਚ ਆਜ਼ਾਦੀ ਦਿਵਸ ਮੌਕੇ ਝੰਡਾ ਝੁਲਾਉਣ ਪੁੱਜਣ ਵਾਲੇ ਮੰਤਰੀਆਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ 15 ਅਗਸਤ ਤੱਕ ਵੀ ਕੁਲਰੀਆਂ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਵਿਰੋਧ ਦੇ ਨਾਲ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਉ ਕਰਨ ਤੋਂ ਵੀ ਗੁਰੇਜ਼ ਨਹੀ ਕੀਤਾ ਜਾਵੇਗਾ।
Advertisement
Advertisement