ਜ਼ਮੀਨਾਂ ਗ੍ਰਹਿਣ ਕਰਨ ਖ਼ਿਲਾਫ਼ ਸੰਘਰਸ਼ ਦਾ ਐਲਾਨ
ਹਤਿੰਦਰ ਮਹਿਤਾ
ਜਲੰਧਰ, 5 ਜੂਨ
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸ਼ਹੀਦ ਸਰਵਨ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿੱਚ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਸੂਬਾ ਤੇ ਕੇਂਦਰ ਸਰਕਾਰ ਨੂੰ ਪੰਜਾਬ ਦੀਆਂ ਉਪਜਾਊ ਜ਼ਮੀਨਾਂ ਉੱਪਰ ਜਬਰੀ ਕਬਜ਼ੇ ਕਰ ਕੇ ਅਰਬਨ ਅਸਟੇਟ ਬਣਾਉਣ ਦੀ ਯੋਜਨਾ ਵਿਰੁੱਧ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਲਾਮਬੰਦੀ ਕੀਤੀ ਜਾਵੇਗੀ। ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਕੇਂਦਰ ਸਰਕਾਰ ਸੂਬਿਆਂ ਦੇ ਅਧਿਕਾਰਾਂ ਉੱਪਰ ਡਾਕਾ ਮਾਰ ਕੇ ਪੰਜਾਬ ਦੇ ਪਾਣੀਆਂ ਦਾ ਕੰਟਰੋਲ ਆਪਣੇ ਹੱਥ ਵਿੱਚ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਣੀਆ ਦੇ ਮਸਲੇ ਤੇ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਆਖਿਆ ਕਿ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਵਾਅਦਾ ਵੀ ਸਰਕਾਰ ਪੂਰਾ ਨਹੀਂ ਕਰ ਸਕੀ ਜਦੋਂਕਿ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਵੀ ਪੂਰਾ ਨਹੀਂ ਛੱਡਿਆ ਜਾ ਰਿਹਾ। ਉਨ੍ਹਾਂ ਆਖਿਆ ਕਿ ਸੂਬੇ ਦੇ ਪਾਣੀ ਦੀ ਬਰਬਾਦੀ ਨਹੀਂ ਹੋਣ ਦਿੱਤੀ ਜਾਵੇਗੀ।
ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਉੱਪਰ ਅਰਬਨ ਅਸਟੇਟ ਬਣਾ ਕੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਬੇਦਖ਼ਲ ਕਰਨ ਦੀ ਸਰਕਾਰੀ ਯੋਜਨਾ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸੂਬਾਈ ਪ੍ਰੈੱਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਜਥੇਬੰਦੀ ਦੀ ਮੈਂਬਰਸ਼ਿਪ ਕਰ ਕੇ ਪਿੰਡਾਂ ਵਿੱਚ ਇਕਾਈਆਂ ਦਾ ਗਠਨ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਜਮਹੂਰੀ ਕਿਸਾਨ ਸਭਾ ਪੰਜਾਬ ਦੀਆਂ ਇਕਾਈਆਂ ਬਣਾਉਣ ਲਈ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ।