ਜਲ ਸਪਲਾਈ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਸੰਘਰਸ਼ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 22 ਜੂਨ
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ 26 ਜੂਨ ਨੂੰ ਵਿਭਾਗੀ ਅਧਿਕਾਰੀਆਂ ਤੇ ਸਰਕਾਰ ਦਰਮਿਆਨ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਨਿਪਟਾਰਾ ਨਾ ਹੋਇਆ ਤਾਂ 2 ਜੁਲਾਈ ਨੂੰ ਪੰਜਾਬ ਸਰਕਾਰ ਅਤੇ ਜਲ ਸਪਲਾਈ ਮੈਨੇਜਮੈਂਟ ਖ਼ਿਲਾਫ਼ ਜਲੰਧਰ ਸ਼ਹਿਰ ਵਿੱਚ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਇਹ ਫੈਸਲਾ ਸੂਬਾ ਵਰਕਿੰਗ ਕਮੇਟੀ ਦੀ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਦੀ ਅਗਵਾਈ ਵਿਚ ਹੋਈ ਮੀਟਿੰਗ ਵਿੱਚ ਕੀਤਾ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਜਲ ਸਪਲਾਈ ਵਿਭਾਗ ਅਧੀਨ ਇਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕਰਨ ਦੀ ਤਜਵੀਜ਼ ਦਾ ਬਹਾਨਾ ਬਣਾ ਕੇ ਤਿੰਨ ਸਾਲਾਂ ਤੋਂ ਕਾਮਿਆਂ ਨਾਲ ਵਿਸ਼ਵਾਸ਼ਘਾਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਵੱਲੋਂ ਜਥੇਬੰਦੀ ਨੂੰ ਇਹ ਕਹਿ ਕੇ ਪੱਲਾ ਝਾੜ ਲਿਆ ਜਾਂਦਾ ਹੈ ਕਿ ‘ਪਾਲਿਸੀ ਪੰਜਾਬ ਸਰਕਾਰ ਕੋਲ ਪਹੁੰਚ ਚੁੱਕੀ ਹੈ ਜਿਸ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਕਾਮਿਆਂ ਨੂੰ ਵਿਭਾਗ ਅਧੀਨ ਲਿਆ ਜਾਵੇਗਾ’।
ਉਨ੍ਹਾਂ ਕਿਹਾ ਕਿ ਨੀਤੀ ਬਣਾਉਣ ਦੀ ਆੜ ਹੇਠ ਤਿੰਨ ਸਾਲਾਂ ਤੋਂ ਕਾਮਿਆਂ ਦੀਆਂ ਤਨਖਾਹਾਂ ’ਚ ਵਾਧੇ ’ਤੇ ਰੋਕ ਲਾ ਕੇ ਵਰਕਰਾਂ ਦੀ ਆਰਥਿਕ ਅਤੇ ਮਾਨਸਿਕ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।