ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵੱਲੋਂ ਸੰਘਰਸ਼ ਦਾ ਅੈਲਾਨ
ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਜੁਲਾਈ
ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਕੱਚੇ ਮੁਲਾਜ਼ਮਾਂ, ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ‘ਆਪ’ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲਮਟੋਲ ਖ਼ਿਲਾਫ਼ ‘ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਈਸੜੂ ਭਵਨ ਲੁਧਿਆਣਾ ਵਿੱਚ ਅੱਜ ਸੂਬਾਈ ਮੀਟਿੰਗ ਕੀਤੀ ਗਈ। ਇਸ ਮੌਕੇ ਸਾਂਝੇ ਫਰੰਟ ਦੇ ਕਨਵੀਨਰਾਂ ਰਣਜੀਤ ਸਿੰਘ ਰਾਣਵਾਂ, ਕਰਮ ਸਿੰਘ ਧਨੋਆ ਤੇ ਹੋਰਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਾਂਝੇ ਫਰੰਟ ਨੂੰ ਤਿੰਨ ਵਾਰ ਸਮਾਂ ਦੇ ਕੇ ਮੀਟਿੰਗ ਵਿੱਚ ਨਹੀਂ ਆਏ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈਆਂ ਤਿੰਨ ਮੀਟਿੰਗਾਂ ਦਾ ਵੀ ਕੋਈ ਸਿੱਟਾ ਨਹੀਂ ਨਿਕਲਿਅਾ।
ਫਰੰਟ ਦੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਭ ਦੇਣ ਦੀ ਥਾਂ ਸਗੋਂ ਸਰਕਾਰ ਨੇ ਪੈਨਸ਼ਨਰਾਂ ’ਤੇ ਜਬਰੀ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਥੋਪ ਦਿੱਤਾ ਹੈ। ਇਸ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਹੈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਜੇਕਰ ਵਿੱਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਵੱਲੋਂ 18 ਜੁਲਾਈ ਨੂੰ ਸਾਂਝੇ ਫਰੰਟ ਨਾਲ ਕੀਤੀ ਜਾ ਰਹੀ ਮੀਟਿੰਗ ਦੇ ਕੋਈ ਸਾਰਥਕ ਸਿੱਟੇ ਨਾ ਨਿਕਲੇ ਤਾਂ 23 ਜੁਲਾਈ ਨੂੰ ਹਰਪਾਲ ਚੀਮਾ, 30 ਨੂੰ ਲਾਲਜੀਤ ਭੁੱਲਰ, 6 ਅਗਸਤ ਨੂੰ ਡਾ. ਬਲਬੀਰ ਸਿੰਘ, 13 ਨੂੰ ਬਲਕਾਰ ਸਿੰਘ ਤੇ 20 ਅਗਸਤ ਨੂੰ ਅਮਨ ਅਰੋੜਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਨ੍ਹਾਂ ਐਕਸ਼ਨਾਂ ਦੀ ਤਿਆਰੀ ਲਈ ਸਾਂਝੇ ਫਰੰਟ ਵੱਲੋਂ 10 ਜੁਲਾਈ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਦਾ ਸੱਦਾ ਦਿੱਤਾ ਗਿਆ।