ਜਾਅਲੀ ਐੱਸਸੀ ਸਰਟੀਫਿਕੇਟ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 4 ਜੂਨ
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐੱਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਜਾਰੀ ਰਿਹਾ। ਇਸ ਦੌਰਾਨ ਵੱਖ-ਵੱਖ ਦਲਿਤ ਸੰਗਠਨਾਂ ਨੇ ਮੁਹਾਲੀ ਵਿੱਚ ਰੋਸ ਮਾਰਚ ਕੀਤਾ ਅਤੇ ਜ਼ਿੰਮੇਵਾਰ ਅਫ਼ਸਰਾਂ ਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਅੱਜ ਹਰਸਿਮਰਤ ਸਿੰਘ ਨੇ ਧਰਨੇ ‘ਤੇ ਬੈਠ ਕੇ ਸਕੂਲ ਦਾ ਕੰਮ ਕੀਤਾ। ਇਸ ਮੌਕੇ ਪ੍ਰੋ. ਹਰਨੇਕ ਸਿੰਘ, ਪ੍ਰੋ. ਸਰਬਜੀਤ ਸਿੰਘ, ਬਲਬੀਰ ਸਿੰਘ ਆਲਮਪੁਰ ਅਤੇ ਲਖਵੀਰ ਸਿੰਘ ਬੌਬੀ ਨੇ ਮੁੱਖ ਮੰਤਰੀ ਵੱਲੋਂ ਪੱਕੇ ਮੋਰਚੇ ਦੇ ਆਗੂਆਂ ਦੀ 9 ਜੂਨ ਨੂੰ ਮੀਟਿੰਗ ਸੱਦਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਨਾਲ ਹੀ ਇਹ ਪ੍ਰਣ ਵੀ ਲਿਆ ਜਦੋਂ ਤੱਕ ਜਾਅਲੀ ਐਸਸੀ ਸਰਟੀਫਿਕੇਟ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਇਸ ਮਸਲੇ ਦਾ ਹੱਲ ਨਹੀਂ ਕੱਢਿਆ ਗਿਆ ਤਾਂ ਪੱਕਾ ਮੋਰਚਾ ਕਮੇਟੀ ਵੱਲੋਂ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।