ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ‘ਸੀਸ ਸਸਕਾਰ ਦਿਵਸ’ ਮਨਾਇਆ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 10 ਦਸੰਬਰ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਸੀਸ ਸਸਕਾਰ ਦਿਵਸ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖਸ਼ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ ਆਦਿ ਨੇ ਹਾਜ਼ਰੀ ਭਰੀ।
ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਜੁੜੇ ਹੋਏ ਇਤਿਹਾਸ ਦੀ ਸਾਂਝ ਪਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ 2025 ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ ਅਤੇ ਇਸ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੂਰੇ ਸਾਲ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਧਾਮੀ ਨੇ ਇਨ੍ਹਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮਈ ਮਹੀਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪੁਕਾਰ ਦਿਵਸ ਵੀ ਮਨਾਇਆ ਜਾ ਰਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖਾਲਸਾ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ, ਪ੍ਰਿੰਸੀਪਲ ਚਰਨਜੀਤ ਸਿੰਘ, ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਮਾਤਾ ਗੁਰਚਰਨ ਕੌਰ ਆਦਿ ਮੌਜੂਦ ਸਨ।