ਜ਼ਿਮਨੀ ਚੋਣਾਂ ’ਚ ਕਾਂਗਰਸ ਤੇ ਭਾਜਪਾ ਦਾ ਸਫ਼ਾਇਆ ਤੈਅ: ਗੋਇਲ
ਰਮੇਸ਼ ਭਾਰਦਵਾਜ
ਲਹਿਰਾਗਾਗਾ ,13 ਨਵੰਬਰ
ਇਥੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੇ ਜ਼ਿਮਨੀ ਚੋਣਾਂ ਦੇ ਸਿਆਸੀ ਰੁਝੇਵਿਆਂ ਦੇ ਬਾਵਜੂਦ ਲਹਿਰਾਗਾਗਾ ਦੇ ਲੋਕਾਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਕਾਂਗਰਸ ਤੇ ਭਾਜਪਾ ਜਿਹੀਆਂ ਫਿਰਕਾਪ੍ਰਸਤ ਪਾਰਟੀਆਂ ਦੇ ਪਾਪਾਂ ਦਾ ਘੜਾ ਭਰ ਗਿਆ ਹੈ, ਇਹ ਪਾਰਟੀਆਂ ਹਮੇਸ਼ਾ ਹੀ ਪੰਜਾਬ ਅਤੇ ਕਿਸਾਨ ਵਿਰੋਧੀ ਰਹੀਆਂ ਹਨ, ਇਸ ਲਈ ਜ਼ਿਮਨੀ ਚੋਣਾਂ ਵਿੱਚ ਇਨ੍ਹਾਂ ਪਾਰਟੀਆਂ ਦਾ ਸਿਆਸੀ ਖਾਤਮਾ ਹੋਣਾ ਤੈਅ ਹੈ।’’ ਇਥੇ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਐਡਵੋਕੇਟ ਗੋਇਲ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਜਿੱਥੇ ਆਮ ਆਦਮੀ ਪਾਰਟੀ ਸੂਬੇ ਦੇ ਵਿਕਾਸ, ਅਮਨ ਸ਼ਾਂਤੀ, ਖੁਸ਼ਹਾਲੀ ਦੇ ਨਾਂ ’ਤੇ ਵੋਟਾਂ ਮੰਗ ਰਹੀ ਹੈ, ਦੂਜੇ ਪਾਸੇ ਭਾਜਪਾ, ਕਾਂਗਰਸ ਜਿਹੀਆਂ ਫਿਰਕਾਪ੍ਰਸਤ ਪਾਰਟੀਆਂ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਲਾਲਚ ਦੇ ਰਹੀਆਂ ਹਨ। ਕੇਂਦਰ ਸਰਕਾਰ ਦੇ ਅੜਿੱਕਿਆਂ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸ਼ਲ ਦਾ ਇੱਕ-ਇੱਕ ਦਾਣਾ ਖਰੀਦ ਕੇ ਜਿੱਥੇ ਲਿਫਟਿੰਗ ਕਰਵਾਈ ਜਾ ਰਹੀ ਹੈ, ਉੱਥੇ ਹੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਮੰਤਰੀ ਬਰਿੰਦਰ ਗੋਇਲ ਨੇ ਦਾਅਵਾ ਕੀਤਾ ਕਿ ਜ਼ਿਮਨੀ ਚੋਣਾਂ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੱਲ ਰਹੀ ਹਨੇਰੀ ਅੱਗੇ ਵਿਰੋਧੀ ਪਾਰਟੀਆਂ ਦਾ ਸੂਪੜਾ ਸਾਫ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਲਈ 600 ਯੂਨਿਟ ਬਿਜਲੀ ਮੁਆਫ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ, 45 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਖੇਤਾਂ ਲਈ ਨਿਰਵਿਘਨ ਬਿਜਲੀ ਸਪਲਾਈ, ਖੇਤੀ ਸੈਕਟਰ ਲਈ ਹਰ ਥਾਂ ’ਤੇ ਨਹਿਰੀ ਪਾਣੀ ਪਹੁੰਚਾਉਣ ਤੋਂ ਇਲਾਵਾ ਹੋਰ ਵਿਕਾਸ ਕੰਮ ਵਿਰੋਧੀ ਪਾਰਟੀਆਂ ਦੇ ਸਿਆਸੀ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਣਗੇ।