ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਮੰਦਭਾਗਾ: ਧਾਮੀ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਸੱਭਿਆਚਾਰਕ ਮੰਤਰਾਲੇ ਵੱਲੋਂ ਸੋਸ਼ਲ ਮੀਡੀਆ ਮੰਚਾਂ ਤੋਂ ਬੰਦੀ ਛੋੜ ਦਿਵਸ ਸਬੰਧੀ ਪੋਸਟਾਂ ਹਟਾਏ ਜਾਣ ਦਾ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਵਤੀਰਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁੱਖਦਾਈ ਅਤੇ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਦੇ ਮੰਤਰਾਲੇ ਵੱਲੋਂ ਸਿੱਖਾਂ ਦੇ ਇਤਿਹਾਸ ਨੂੰ ਦਰਸਾਉਂਦੀ ਪੋਸਟ ਪਾਏ ਜਾਣ ਤੋਂ ਬਾਅਦ ਉਸ ਨੂੰ ਹਟਾ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੱਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਦੇ ਸੋਸ਼ਲ ਮੀਡੀਆ ਮੰਚ ’ਤੇ ਬੰਦੀ ਛੋੜ ਦਿਹਾੜੇ ਸਬੰਧੀ ਇਕ ਪੋਸਟ ਪਾਈ ਗਈ ਸੀ, ਜਿਸ ਵਿੱਚ ਇਸ ਦੇ ਇਤਿਹਾਸ ਅਤੇ ਪ੍ਰੰਪਰਾ ਦਾ ਜ਼ਿਕਰ ਸੀ। ਇਸ ਪੋਸਟ ਰਾਹੀਂ ਬੰਦੀ ਛੋੜ ਦਿਵਸ ਸਬੰਧੀ ਇਕ ਵੀਡੀਓ ਵੀ ਪਾਈ ਗਈ ਸੀ, ਪਰ ਕੁਝ ਦੇਰ ਬਾਅਦ ਹੀ ਇਸ ਨੂੰ ਹਟਾ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਇੱਕ ਬਹੁਕੌਮੀ ਤੇ ਬਹੁਧਰਮੀ ਦੇਸ਼ ਹੈ, ਜਿੱਥੇ ਹਰ ਧਰਮ ਦਾ ਇਤਿਹਾਸ ਅਤੇ ਸਤਿਕਾਰ ਸੁਰੱਖਿਅਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਗੁਰੂ ਸਾਹਿਬਾਨ ਨੂੰ ਸਤਿਕਾਰ ਦੇਣ ਵਾਲੀ ਪੋਸਟ ਹਟਾ ਦੇਣਾ ਕਈ ਸਵਾਲ ਖੜ੍ਹੇ ਕਰਦਾ ਹੈ। ਧਾਮੀ ਨੇ ਕਿਹਾ ਕਿ ਸਿੱਖ ਕੌਮ ਹਰ ਧਰਮ ਦੇ ਤਿਉਹਾਰਾਂ ਦਾ ਸਤਿਕਾਰ ਕਰਦੀ ਹੈ, ਪਰ ਇਹ ਬਰਦਾਸ਼ਤ ਨਹੀਂ ਕਿ ਕੋਈ ਸਿੱਖਾਂ ਦੀ ਮੌਲਿਕ ਅਤੇ ਅੱਡਰੀ ਹੋਂਦ ਹਸਤੀ ਨੂੰ ਸੱਟ ਮਾਰੇ।