ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਵਪਾਰਕ ਮੰਤਵ ਲਈ ਲਾਹੇਵੰਦ ਹੋਵੇਗਾ: ਗਡਕਰੀ

07:48 AM Oct 20, 2023 IST
ਐਕਸਪ੍ਰੈੱਸਵੇਅ ਬਾਰੇ ਕੇਂਦਰੀ ਮੰਤਰੀ ਨਿਤਨਿ ਗਡਕਰੀ ਨਾਲ ਚਰਚਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ। -ਫੋਟੋ: ਪੀਟੀਆਈ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਅਕਤੂਬਰ
ਇੱਥੇ ਅੱਜ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਨਿ ਗਡਕਰੀ ਨੇ ਲਗਪਗ 40,000 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਇਹ ਮਾਰਗ ਜਲਦੀ ਮੁਕੰਮਲ ਹੋਵੇਗਾ। ਇਸ ਦੇ ਬਣਨ ਨਾਲ ਨਾ ਸਿਰਫ ਅੰਮ੍ਰਿਤਸਰ ਤੇ ਦਿੱਲੀ ਵਿਚਾਲੇ ਦੂਰੀ ਘਟੇਗੀ ਸਗੋਂ ਇਹ ਮਾਰਗ ਵਪਾਰਕ ਮੰਤਵ ਲਈ ਵੀ ਲਾਹੇਵੰਦ ਸਾਬਿਤ ਹੋਵੇਗਾ। ਕੇਂਦਰੀ ਮੰਤਰੀ ਨੇ ਸਭ ਤੋਂ ਪਹਿਲਾਂ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼ਾਮ ਨੂੰ ਉਨ੍ਹਾਂ ਅਟਾਰੀ ਸਰਹੱਦ ’ਤੇ ਦੇਸ਼ ਦਾ ਸਭ ਤੋਂ ਉੱਚਾ ਲਗਪਗ 418 ਫੁੱਟ ਦਾ ਤਿਰੰਗਾ ਲਹਿਰਾਇਆ। ਐਕਸਪ੍ਰੈੱਸਵੇਅ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਗਡਕਰੀ ਨੇ ਦੱਸਿਆ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਲਗਪਗ 669 ਕਿੱਲੋਮੀਟਰ ਲੰਬਾ ਗਰੀਨ ਫੀਲਡ ਐਕਸਪ੍ਰੈੱਸਵੇਅ ਹੋਵੇਗਾ। ਇਸ ਦੇ ਬਣਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਵਿਚਾਲੇ ਦੂਰੀ ਘੱਟ ਜਾਵੇਗੀ ਅਤੇ ਸਿਰਫ ਚਾਰ ਘੰਟਿਆਂ ਵਿੱਚ ਦਿੱਲੀ ਤੋਂ ਅੰਮ੍ਰਿਤਸਰ ਦਾ ਸਫਰ ਤੈਅ ਹੋ ਸਕੇਗਾ। ਇਸੇ ਤਰ੍ਹਾਂ ਦਿੱਲੀ ਤੋਂ ਕਟੜਾ ਸਿਰਫ ਛੇ ਘੰਟਿਆਂ ਵਿੱਚ ਪਹੁੰਚਿਆ ਜਾ ਸਕੇਗਾ। ਇਸ ਵੇਲੇ ਦਿੱਲੀ ਤੋਂ ਕਟੜਾ ਦੀ ਦੂਰੀ ਲਗਪਗ 727 ਕਿਲੋਮੀਟਰ ਹੈ ਅਤੇ ਨਵਾਂ ਮਾਰਗ ਬਣਨ ਨਾਲ ਇਹ ਦੂਰੀ ਕਰੀਬ 58 ਕਿਲੋਮੀਟਰ ਘੱਟ ਜਾਵੇਗੀ।

Advertisement

ਅੰਮ੍ਰਿਤਸਰ ਵਿੱਚ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਦੇਗ ਲੈਂਦੇ ਹੋਏ ਕੇਂਦਰੀ ਮੰਤਰੀ ਨਿਤਨਿ ਗਡਕਰੀ। -ਫੋਟੋ: ਵਿਸ਼ਾਲ ਕੁਮਾਰ

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਐਕਸਪ੍ਰੈੱਸਵੇਅ ਦਾ 137 ਕਿਲੋਮੀਟਰ ਦਾ ਹਿੱਸਾ ਹਰਿਆਣਾ ਵਿੱਚ ਬਣ ਰਿਹਾ ਜਦਕਿ 399 ਕਿੱਲੋਮੀਟਰ ਦਾ ਹਿੱਸਾ ਪੰਜਾਬ ਵਿੱਚ ਹੈ। ਇਸ ਵਿੱਚੋਂ 296 ਕਿਲੋਮੀਟਰ ਦੇ ਹਿੱਸੇ ਵਿੱਚ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਜੰਮੂ ਕਸ਼ਮੀਰ ਵਿੱਚ ਇਸ ਮਾਰਗ ਦੀ ਲੰਬਾਈ 135 ਕਿੱਲੋਮੀਟਰ ਹੈ ਜਿਸ ਵਿੱਚੋਂ 120 ਕਿਲੋਮੀਟਰ ’ਚ ਕੰਮ ਚੱਲ ਰਿਹਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸੂਬੇ ਵਿੱਚ ਇਸ ਮਾਰਗ ਲਈ ਜ਼ਮੀਨ ਗ੍ਰਹਿਣ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਤਾਂ ਜੋ ਇਸ ਦੇ ਕੰਮ ਵਿੱਚ ਕੋਈ ਅੜਿੱਕਾ ਨਾ ਆਵੇ ਅਤੇ ਇਹ ਮਾਰਗ ਸਮੇਂ ਸਿਰ ਮੁਕੰਮਲ ਹੋ ਸਕੇ। ਪੰਜਾਬ ਵਿੱਚ ਇਹ ਐਕਸਪ੍ਰੈੱਸਵੇਅ ਪਟਿਆਲਾ, ਸੰਗਰੂਰ, ਮਾਲੇਰਕੋਟਲਾ, ਲੁਧਿਆਣਾ, ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਉਦਯੋਗਿਕ ਖੇਤਰਾਂ ਨੂੰ ਜੋੜੇਗਾ। ਉਨ੍ਹਾਂ ਦੱਸਿਆ ਕਿ ਇਸ ਤਹਿਤ ਪੰਜਾਬ ਵਿੱਚ 29,000 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਗਰੀਨ ਫੀਲਡ ਅਤੇ ਆਰਥਿਕ ਲਾਂਘੇ ਬਣ ਰਹੇ ਹਨ ਜੋ ਕਿ ਵਪਾਰਕ ਮੰਤਵ ਲਈ ਪੰਜਾਬ ਵਾਸਤੇ ਵਧੇਰੇ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮਾਰਗ ਤਹਿਤ ਬਿਆਸ ਨਦੀ ’ਤੇ ਏਸ਼ੀਆ ਦਾ ਸਭ ਤੋਂ ਲੰਬਾ 1300 ਮੀਟਰ ਦਾ ਕੇਬਲ ਸਟੇਅ ਬ੍ਰਿਜ ਬਣੇਗਾ, ਜਿਸ ’ਤੇ ਇੱਕ ਮਿਊਜ਼ੀਅਮ ਵੀ ਬਣਾਇਆ ਜਾਵੇਗਾ ਅਤੇ ਇਸ ਵਿੱਚ ਪੰਜਾਬ ਤੇ ਸਿੱਖ ਧਰਮ ਦੀ ਵਿਰਾਸਤ ਦਰਸਾਈ ਜਾਵੇਗੀ।
ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਮਾਰਗ ਸਿੱਖ ਧਰਮ ਦੇ ਕਈ ਅਹਿਮ ਧਰਮ ਸਥਾਨਾਂ ਨੂੰ ਵੀ ਜੋੜੇਗਾ, ਜਨਿ੍ਹਾਂ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕਪੂਰਥਲਾ ਜ਼ਿਲ੍ਹੇ ਵਿਚਲਾ ਗੁਰਦੁਆਰਾ ਸੁਲਤਾਨਪੁਰ ਲੋਧੀ, ਤਰਨ ਤਾਰਨ ਜ਼ਿਲ੍ਹੇ ਵਿਚਲਾ ਗੁਰਦੁਆਰਾ ਗੋਇੰਦਵਾਲ ਸਾਹਿਬ, ਗੁਰਦੁਆਰਾ ਖਡੂਰ ਸਾਹਿਬ ਅਤੇ ਗੁਰਦੁਆਰਾ ਦਰਬਾਰ ਸਾਹਿਬ ਤਰਨ ਤਾਰਨ ਸ਼ਾਮਲ ਹਨ। ਇਹ ਮਾਰਗ ਯਾਤਰੂਆਂ ਨੂੰ ਦਿੱਲੀ ਤੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਕਟੜਾ ਨਾਲ ਵੀ ਜੋੜੇਗਾ। ਉਨ੍ਹਾਂ ਕਿਹਾ ਕਿ ਇਹ ਮਾਰਗ ਅੱਗੇ ਕੰਨਿਆਕੁਮਾਰੀ ਤੱਕ ਜਾਵੇਗਾ। ਉਨ੍ਹਾਂ ਦੱਸਿਆ ਕਿ ਜੰਮੂ ਕਸ਼ਮੀਰ ਵਿੱਚ ਸੁਰੰਗਾਂ ਰਾਹੀਂ ਸ੍ਰੀਨਗਰ ਤੱਕ ਦੀ ਦੂਰੀ ਵੀ ਘਟਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਜੰਮੂ ਤੋਂ ਸਿਰਫ ਕੁਝ ਹੀ ਘੰਟਿਆਂ ਵਿੱਚ ਹੀ ਸ੍ਰੀਨਗਰ ਪਹੁੰਚਿਆ ਜਾ ਸਕੇਗਾ। ਉਨ੍ਹਾਂ ਅੰਮ੍ਰਿਤਸਰ ਤੋਂ ਕਰਤਾਰਪੁਰ ਲਾਂਘੇ ਤੱਕ ਬਣਨ ਵਾਲੇ ਮਾਰਗ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਖ਼ੁਦ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨ ਕਰਨ ਦੇ ਇੱਛੁਕ ਹਨ।
ਸ੍ਰੀ ਗਡਕਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਅੰਮ੍ਰਿਤਸਰ ਵਿੱਚ ਸਕਾਈ ਬੱਸ ਚਲਾਉਣ ਸਬੰਧੀ ਰਿਪੋਰਟ ਤਿਆਰ ਕਰ ਕੇ ਭੇਜਣ। ਇਸ ਤੋਂ ਪਹਿਲਾਂ ਹਵਾਈ ਅੱਡੇ ਵਿੱਚ ਉਨ੍ਹਾਂ ਦਾ ਪੰਜਾਬ ਸਰਕਾਰ ਵੱਲੋਂ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਕੇਂਦਰੀ ਮੰਤਰੀ ਨੂੰ ਜੀ ਆਇਆਂ ਕਿਹਾ।

ਹੁਣ ਵਿਕਾਸ ਤੇ ਖੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਕੇਂਦਰੀ ਮੰਤਰੀ ਨਿਤਨਿ ਗਡਕਰੀ ਦੇ ਨਾਲ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਜਲਦੀ ਹੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਕੌਮੀ ਸ਼ਾਹਰਾਹ ਅਥਾਰਿਟੀ ਦਾ ਪੂਰਾ ਸਹਿਯੋਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਆਖਿਆ ਕਿ ਇਹ ਸ਼ਾਹਰਾਹ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਅਕੀਦਤ ਭੇਟ ਕਰਨ ਲਈ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗਾ। ਸ਼ਾਹਰਾਹ ਦਾ ਪੰਜਾਬ ਵਿਚਲਾ 254 ਕਿਲੋਮੀਟਰ ਦਾ ਹਿੱਸਾ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਅਤੇ ਇਹ ਸੂਬੇ ਦੇ ਨੌਂ ਜ਼ਿਲ੍ਹਿਆਂ ਵਿੱਚੋਂ ਲੰਘੇਗਾ।

Advertisement

Advertisement