ਦਿੱਲੀ ਕੋਚਿੰਗ ਸੈਂਟਰ ਮਾਮਲਾ: ਪੁਲੀਸ ਨੇ ਪੰਜ ਹੋਰਾਂ ਨੂੰ ਹਿਰਾਸਤ ਵਿੱਚ ਲਿਆ
ਨਵੀਂ ਦਿੱਲੀ, 29 ਜੁਲਾਈ
ਇੱਥੋਂ ਦੇ ਪੁਰਾਣੇ ਰਾਜਿੰਦਰ ਨਗਰ ਵਿਚ ਆਈਏਐਸ ਕੋਚਿੰਗ ਸੈਂਟਰ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ ਤੋਂ ਬਾਅਦ ਪੁਲੀਸ ਨੇ ਪੰਜ ਹੋਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਪੁਸ਼ਟੀ ਡੀਸੀਪੀ ਸੈਂਟਰਲ ਐਮ. ਹਰਸ਼ਵਰਧਨ ਨੇ ਕੀਤੀ ਹੈ। ਇਸ ਮਾਮਲੇ ਵਿਚ ਹੁਣ ਤਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਗਿਣਤੀ ਸੱਤ ਹੋ ਗਈ ਹੈ। ਇਸ ਮਾਮਲੇ ਵਿਚ ਬੇਸਮੈਂਟ ਦੇ ਮਾਲਕ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਜੋ ਵੀ ਕਸੂਰਵਾਰ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ 27 ਜੁਲਾਈ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿਚ ਪਏ ਮੀਂਹ ਮਗਰੋਂ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚ ਅਚਾਨਕ ਪਾਣੀ ਭਰ ਗਿਆ ਸੀ। ਇਹ ਤਿੰਨੋਂ ਵਿਦਿਆਰਥੀ ਬੇਸਮੈਂਟ ਵਿਚ ਫਸ ਗਏ ਸਨ। ਦਿੱਲੀ ਫਾਇਰ ਸਰਵਿਸਿਜ਼ ਨੂੰ ਸ਼ਨਿੱਚਰਵਾਰ ਰਾਤੀਂ 7 ਵਜੇ ਦੇ ਕਰੀਬ ਰਾਓ’ਜ਼ ਆਈਏਐੱਸ ਸਟੱਡੀ ਸੈਂਟਰ ਵਿਚ ਪਾਣੀ ਭਰਨ ਦੀ ਸੂਚਨਾ ਮਿਲੀ ਸੀ, ਜਿਸ ਮਗਰੋਂ ਪੰਜ ਫਾਇਰ ਇੰਜਣਾਂ ਦੀ ਮਦਦ ਨਾਲ ਰਾਹਤ ਕਾਰਜ ਵਿੱਢੇ ਗਏ ਸਨ। ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਅਜੇ ਪਿਛਲੇ ਦਿਨੀਂ ਪੱਛਮੀ ਦਿੱਲੀ ਦੇ ਪਟੇਲ ਨਗਰ ਵਿਚ ਪਾਣੀ ਨਾਲ ਭਰੀ ਸੜਕ ਤੋਂ ਲੰਘਦਿਆਂ ਕਰੰਟ ਲੱਗਣ ਨਾਲ ਯੂਪੀਐੱਸਸੀ ਦੀ ਤਿਆਰੀ ਕਰ ਰਹੇ ਵਿਅਕਤੀ ਦੀ ਮੌਤ ਹੋ ਗਈ ਸੀ। ਏਜੰਸੀ