ਦਿੱਲੀ ਦੇ ਡਾਕਟਰਾਂ ਵੱਲੋਂ ਹੜਤਾਲ ਖ਼ਤਮ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ):
ਏਮਸ ਦਿੱਲੀ, ਆਰਐੱਮਐੱਲ ਹਸਪਤਾਲ, ਲੇਡੀ ਹਾਰਡਿੰਗ ਮੈਡੀਕਲ ਕਾਲਜ ਅਤੇ ਇੰਦਰਾ ਗਾਂਧੀ ਹਸਪਤਾਲ ਦੇ ਡਾਕਟਰਾਂ ਨੇ ਸੁਪਰੀਮ ਕੋਰਟ ਦੀ ਅਪੀਲ ’ਤੇ 11 ਦਿਨਾਂ ਤੋਂ ਚਲੀ ਆ ਰਹੀ ਹੜਤਾਲ ਅੱਜ ਖ਼ਤਮ ਕਰ ਦਿੱਤੀ। ਸੁਪਰੀਮ ਕੋਰਟ ਨੇ ਡਾਕਟਰਾਂ ਨੂੰ ਡਿਊਟੀਆਂ ’ਤੇ ਪਰਤਣ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ। ਡਾਕਟਰਾਂ ਦੀ ਸਾਂਝੀ ਜਥੇਬੰਦੀ ਫੈਡਰੇਸ਼ਨ ਆਫ਼ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਕਿਹਾ, “ਅਸੀਂ ਆਰ. ਜੀ. ਕਰ ਮੈਡੀਕਲ ਕਾਲਜ ਦੀ ਘਟਨਾ ਦਾ ਨੋਟਿਸ ਲੈਣ ਅਤੇ ਦੇਸ਼ ਭਰ ਵਿੱਚ ਡਾਕਟਰਾਂ ਦੀ ਸੁਰੱਖਿਆ ਲਈ ਸੁਪਰੀਮ ਕੋਰਟ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਦਿਲੋਂ ਸ਼ਲਾਘਾ ਕਰਦੇ ਹਾਂ।’’ ਉਨ੍ਹਾਂ ਕਿਹਾ ਕਿ ਦੇਸ਼ ਹਿੱਤ ਅਤੇ ਸੇਵਾ ਭਾਵਨਾ ਦੇ ਮੱਦੇਨਜ਼ਰ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਧਰ ਆਰਐੱਮਐੱਲ ਹਸਪਤਾਲ ਦੀ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਇੱਕ ਬਿਆਨ ਜਾਰੀ ਕਰਕੇ ਸਾਰੇ ਡਾਕਟਰਾਂ ਨੂੰ 23 ਅਗਸਤ ਨੂੰ ਸਵੇਰੇ 8 ਵਜੇ ਤੋਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।