ਦਿੱਲੀ ਆਬਕਾਰੀ ਮਾਮਲਾ: ਹਾਈ ਕੋਰਟ ਵੱਲੋਂ ਕੇਜਰੀਵਾਲ ਨੂੰ ਵੱਡਾ ਝਟਕਾ, ਗ੍ਰਿਫ਼ਤਾਰੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ
ਨਵੀਂ ਦਿੱਲੀ, 9 ਅਪਰੈਲ
ਦਿੱਲੀ ਹਾਈ ਕੋਰਟ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿਸ ਵਿਚ ਉਨ੍ਹਾਂ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਸੀ। ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਸਬੰਧਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਸਟਿਸ ਸਵਰਨਕਾਂਤ ਸ਼ਰਮਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ, ‘ਅਦਾਲਤ ਦਾ ਵਿਚਾਰ ਹੈ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਕਾਨੂੰਨੀ ਵਿਵਸਥਾਵਾਂ ਦੀ ਉਲੰਘਣਾ ਨਹੀਂ ਹੈ। ਰਿਮਾਂਡ ਨੂੰ ਗੈਰ-ਕਾਨੂੰਨੀ ਕਰਾਰ ਨਹੀਂ ਦਿੱਤਾ ਜਾ ਸਕਦਾ।’ ਕੇਜਰੀਵਾਲ ਇਸ ਸਮੇਂ ਨਿਆਂਇਕ ਹਿਰਾਸਤ 'ਚ ਹਨ। ਆਪਣੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਨੇ ਇਸ ਮਾਮਲੇ 'ਚ ਆਪਣੇ ਈਡੀ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਸੀ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਨਾਲ ਸਬੰਧਤ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਲਈ ਹੈ।