ਦਿੱਲੀ ਸਰਕਾਰ ਵੱਲੋਂ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਪਟਾਕਿਆਂ ’ਤੇ ਪਾਬੰਦੀ
ਨਵੀਂ ਦਿੱਲੀ, 14 ਅਕਤੂਬਰ
ਸਰਦੀ ਦਾ ਮੌਸਮ ਆਉਂਦਿਆਂ ਹੀ ਪ੍ਰਦੂਸ਼ਣ ਵਧਣ ਦੇ ਮੱਦੇਨਜ਼ਰ ਸਰਾਕਰ ਨੇ ਦਿੱਲੀ ਵਿਚ ਪਟਾਕਿਆਂ ਦੇ ਉਤਪਾਦਨ, ਭੰਡਾਰਨ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਾ ਦਿੱਤੀ ਹੈ ਜੋ ਕਿ 1 ਜਨਵਰੀ 2025 ਤੱਕ ਲਾਗੂ ਰਹੇਗੀ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਇਹ ਘੋਸ਼ਣਾ ਕਰਦਿਆਂ ਦਿੱਲੀ ਵਾਸੀਆਂ ਨੂੰ ਹਵਾ ਪ੍ਰਦੂਸ਼ਣ ਰੋਕਣ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।
ਰਾਏ ਨੇ ‘ਐਕਸ’ ਪੋਸਟ ਵਿਚ ਕਿਹਾ ਕਿ ਸਰਦੀਆਂ ਵਿਚ ਵਧਦੇ ਪ੍ਰਦੂਸ਼ਣ ਨੂੰ ਦੇਖਦਿਆਂ ਅੱਜ ਤੋਂ 1 ਜਨਵਰੀ ਤੱਕ ਪਟਾਕਿਆਂ ਦੇ ਉਤਪਾਦਨ, ਭੰਡਾਰਨ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਾਈ ਜਾਂਦੀ ਹੈ। ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਨਿਰਦੇਸ਼ ਜਾਰੀ ਕੀਤੇ ਹਨ।
ਇਹ ਪਾਬੰਦੀ ਆਨਲਾਈਨ ਵੇਚੇ ਜਾਣ ਵਾਲੇ ਪਟਾਕਿਆਂ ਸਮੇਤ ਹਰ ਤਰ੍ਹਾਂ ਦੇ ਪਟਾਕਿਆਂ ’ਤੇ ਲਾਗੂ ਹੋਵੇਗੀ। ਜਾਰੀ ਨਿਰਦੇਸ਼ਾਂ ਅਨੁਸਾਰ ਦਿੱਲੀ ਪੁਲੀਸ ਨੂੰ ਪਾਬੰਦੀ ਨੂੰ ਲਾਗੂ ਕਰਨ ਦਾ ਕੰਮ ਸੌਂਪਿਆ ਗਿਆ ਹੈ। ਪੀਟੀਆਈ