ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਦਾ ਅਮਰੀਕਾ ’ਚ ਸਨਮਾਨ
ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਜਨਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ ਅਮਰੀਕਾ ਦੌਰੇ ਦੌਰਾਨ ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਸੰਗਤ ਵੱਲੋਂ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ, ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦਾਂ, ਰਿਚਮੰਡ ਹਿੱਲ, ਗੁਰਦੁਆਰਾ ਕੈਂਸਿਸ ਸਿਟੀ, ਹਿਕਸਵਿਲੇ ਨਿਊਯਾਰਕ ਅਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਹਿਕਸਵਿਲੇ ਨਿਊਯਾਰਕ ਸਣੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਇਸ ਸਨਮਾਨ ਲਈ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਸ੍ਰੀ ਕਾਹਲੋਂ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਭਾਰਤ ਤੋਂ ਦੂਰ ਅਮਰੀਕਾ ਦੀ ਧਰਤੀ ’ਤੇ ਸਿੱਖੀ ਦੇ ਅਸਲੀ ਰੂਪ ਵਿੱਚ ਸ਼ਖਸੀਅਤਾਂ ਬਹੁਤ ਹੀ ਵਧੀਆ ਤਰੀਕੇ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਚਲਾ ਰਹੀਆਂ ਹਨ ਅਤੇ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਸਿੱਖੀ ਦਾ ਪ੍ਰਚਾਰ-ਪ੍ਰਸਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਾ ਕੇਵਲ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੱਖਾਂ ਦੇ ਦਿਵਸ ਮਨਾਏ ਜਾਂਦੇ ਹਨ, ਸਗੋਂ ਧਰਮ ਪ੍ਰਚਾਰ ਦੇ ਖੇਤਰ ਵਿੱਚ ਵੀ ਵਿਸ਼ੇਸ਼ ਸੇਵਾਵਾਂ ਨਿਭਾਉਂਦਿਆਂ ਗੁਰਮਤਿ ਕੈਂਪ ਲਾ ਕੇ ਬੱਚਿਆਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਹੈ। ਅਧਿਆਪਨ ਅਤੇ ਚਿਕਿਤਸਾ ਦੇ ਖੇਤਰ ਵਿੱਚ ਵੀ ਕਮੇਟੀ ਲਗਾਤਾਰ ਕੰਮ ਕਰ ਰਹੀ ਹੈ ਅਤੇ ਸੰਗਤ ਦੀ ਸੇਵਾ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਕੁੱਝ ਸਮਾਂ ਪਹਿਲਾਂ ਅਮਰੀਕਾ ਦੌਰੇ ’ਤੇ ਗਏ ਸਨ।