Delhi Pollution: ਹਵਾ ਪ੍ਰਦੂਸ਼ਣ: ਕੇਂਦਰੀ ਮੁਲਾਜ਼ਮਾਂ ਨੂੰ ਕਾਰ ਪੂਲ ਕਰਨ ਤੇ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ ਲਈ ਕਿਹਾ
ਨਵੀਂ ਦਿੱਲੀ, 21 ਨਵੰਬਰ
ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਕੇਂਦਰ ਸਰਕਾਰ ਨੇ ਕਈ ਯਤਨ ਕੀਤੇ ਹਨ। ਉਨ੍ਹਾਂ ਆਪਣੇ ਮੁਲਾਜ਼ਮਾਂ ਨੂੰ ਕੰਮ ’ਤੇ ਆਉਣ ਵੇਲੇ ਕਾਰਾਂ ਪੂਲ ਕਰਨ ਤੇ ਜਨਤਕ ਟਰਾਂਸਪੋਰਟ ਦੀ ਵਰਤੋਂ ਕਰਨ ਲਈ ਕਿਹਾ ਹੈ। ਇਹ ਹੁਕਮ ਦਿੱਲੀ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਦੇ ਗੰਭੀਰ ਪੱਧਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ, ਵਿਭਾਗਾਂ ਅਤੇ ਸੰਗਠਨਾਂ ਨੂੰ ਰਾਜਧਾਨੀ ਖੇਤਰ ਵਿਚ ਸਥਿਤ ਦਫਤਰਾਂ ਦੇ ਸਬੰਧ ਵਿਚ ਵੱਖ ਵੱਖ ਸਮਾਂ ਅਪਣਾਉਣ ਦੀ ਸਲਾਹ ਦਿੱਤੀ ਜਾਂਦੀ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5.30 ਵਜੇ ਅਤੇ ਸਵੇਰੇ 10 ਵਜੇ ਤੋਂ ਸ਼ਾਮ 6.30 ਵਜੇ ਤੱਕ ਖੁੱਲ੍ਹੇ ਰਹਿਣਗੇ।
ਇਹ ਵੀ ਦੱਸਣਾ ਬਣਦਾ ਹੈ ਦਿੱਲੀ ਵਿਚ ਗੰਭੀਰ ਪ੍ਰਦੂਸ਼ਣ ਦੇ ਇੱਕ ਹਫ਼ਤੇ ਬਾਅਦ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ ਪਰ ਪ੍ਰਦੂਸ਼ਣ ਦੇ ਮਾਮਲੇ ਵਿਚ ਦਿੱਲੀ ਹਾਲੇ ਵੀ ਖਰਾਬ ਜ਼ੋਨ ਵਿੱਚ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਅੱਜ ਸਵੇਰੇ 9 ਵਜੇ ਰਾਜਧਾਨੀ ਵਿੱਚ ਹਵਾ ਗੁਣਵੱਤਾ ਸੂਚਕਾਂਕ 376 ਦਰਜ ਕੀਤਾ ਗਿਆ।