ਗੁਰੂਘਰ ਵਿੱਚ ਮਾੜੀ ਸ਼ਬਦਾਵਲੀ ਵਰਤਣ ਵਾਲਿਆਂ ਦਾ ਬਾਈਕਾਟ ਕਰਨ ਦੀ ਮੰਗ
ਦਵਿੰਦਰ ਸਿੰਘ
ਯਮੁਨਾਨਗਰ, 17 ਅਗਸਤ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਗੁਰਦੁਆਰਾ ਥੜਾ ਸਾਹਿਬ ਜੌੜੀਆਂ ਵਿਖੇ ਹੋਈ ਜਿਸ ਵਿਚ ਮੈਂਬਰਾਂ ਨੇ ਸਰਬਸੰਮਤੀ ਨਾਲ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਅੱਠਵੀਂ ਪੰਜੋਖਰਾ ਸਾਹਿਬ ਵਿਖੇ ਹੋਈ ਕਮੇਟੀ ਦੀ ਮੀਟਿੰਗ ਵਿੱਚ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਅਤੇ ਮੈਂਬਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਅਸ਼ਲੀਲ ਭਾਸ਼ਾ ਅਤੇ ਡਰਾਉਣ-ਧਮਕਾਉਣ ਦੀ ਨਿਖੇਧੀ ਕਰਨ ਵਾਲਾ ਮਤਾ ਪਾਸ ਕੀਤਾ। ਉਨ੍ਹਾਂ ਗੁਰਦੁਆਰੇ ਦੀ ਹਦੂਦ ਅੰਦਰ ਬਦਸਲੂਕੀ ਕਰਨ ਦੇ ਦੋਸ਼ ਹੇਠ ਦੋਵਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਇਕਸੁਰ ਹੁੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਇਸ ਮਾਮਲੇ ਦੀ ਰਿਪੋਰਟ ਤਿਆਰ ਕਰਨ। ਉਨ੍ਹਾਂ ਕਿਹਾ ਕਿ ਦੋਵਾਂ ਨੇ ਗੁਰਦੁਆਰੇ ਵਿੱਚ ਆਪਣੇ ਅਹੁਦੇ ਅਤੇ ਮਾਣ ਮਰਿਆਦਾ ਦੀ ਪ੍ਰਵਾਹ ਕੀਤੇ ਬਿਨਾਂ ਮੰਦੀ ਭਾਸ਼ਾ ਵਰਤੀ।
ਉਨ੍ਹਾਂ ਦੋਸ਼ੀਆਂ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕੀਤੀ ਹੈ। ਹੋਰ ਮੈਂਬਰਾਂ ਨੇ ਦੋਵਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ। ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਹਰਿਆਣਾ ਕਮੇਟੀ ਅਧੀਨ ਚੱਲ ਰਹੇ ਗੁਰਦੁਆਰਿਆਂ ਦੇ ਕਾਰਜਾਂ ਅਤੇ ਨਵੇਂ ਪ੍ਰਾਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਣਾ ਸੀ ਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਪੁੱਛਗਿੱਛ ਕਰਨੀ ਸੀ। ਇਨ੍ਹਾਂ ਸਵਾਲਾਂ ਵਿੱਚ ਘਿਰੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਬਲਜੀਤ ਸਿੰਘ ਦਾਦੂਵਾਲ ਨਾਲ ਮਿਲ ਕੇ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ। ਮੀਤ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਹਰਿਆਣਾ ਕਮੇਟੀ ਦਾ ਮਾਹੌਲ ਖਰਾਬ ਕਰ ਰਹੇ ਹਨ। ਉਨ੍ਹਾਂ ਸੰਗਤਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਦੋਵਾਂ ਦਾ ਧਾਰਮਿਕ ਬਾਈਕਾਟ ਕਰਨ ਅਤੇ ਕਿਸੇ ਵੀ ਸਮਾਗਮ ਵਿੱਚ ਬੋਲਣ ਨਾ ਦੇਣ। ਇਸ ਮੌਕੇ ਸਕੱਤਰ ਮੋਹਨਜੀਤ ਸਿੰਘ ਪਾਣੀਪਤ, ਕਾਰਜਕਾਰੀ ਕਮੇਟੀ ਮੈਂਬਰ ਰਮਨੀਕ ਸਿੰਘ, ਵਿਨਰ ਸਿੰਘ, ਜਗਸੀਰ ਸਿੰਘ, ਗੁਰਬਖਸ਼ ਸਿੰਘ, ਕਮੇਟੀ ਮੈਂਬਰ ਦੀਦਾਰ ਸਿੰਘ ਨਲਵੀ, ਸੁਜਿੰਦਰ ਸਿੰਘ, ਭੁਪਿੰਦਰ ਸਿੰਘ, ਸਾਹਿਬ ਸਿੰਘ, ਗੁਰਮੀਤ ਸਿੰਘ, ਸੁਖਸਾਗਰ ਸਿੰਘ, ਬਲਦੇਵ ਸਿੰਘ, ਹਰਪ੍ਰੀਤ ਸਿੰਘ, ਮਲਿਕ ਸਿੰਘ, ਪ੍ਰਕਾਸ਼ ਸਿੰਘ ਸ਼ਾਮਲ ਸਨ।