For the best experience, open
https://m.punjabitribuneonline.com
on your mobile browser.
Advertisement

ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ

07:27 AM Mar 05, 2024 IST
ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ
ਪਿੰਡ ਕਾਉਂਕੇ ਕਲਾਂ ’ਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਂਦੇ ਹੋਏ ਕਿਸਾਨ ਆਗੂ।
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 4 ਮਾਰਚ
ਇਲਾਕੇ ’ਚ ਕਈ ਥਾਈਂ ਪਏ ਗੜਿਆਂ, ਹਨੇਰੀ ਤੇ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਬਾਰੇ ਜਾਇਜ਼ਾ ਲੈਣ ਲਈ ਕਿਸਾਨ ਆਗੂਆਂ ਨੇ ਅੱਜ ਇਲਾਕੇ ਦੇ ਕੁਝ ਪਿੰਡਾਂ ਦਾ ਦੌਰਾ ਕੀਤਾ। ਇਸ ਉਪਰੰਤ ਨੁਕਸਾਨੀਆਂ ਫ਼ਸਲਾਂ ਦੀ ਫੌਰੀ ਗਿਰਦਾਵਰੀ ਕਰਵਾ ਕੇ ਸਰਕਾਰ ਪਾਸੋਂ ਢੁੱਕਵੇਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।
ਇੱਥੋਂ ਨੇੜਲੇ ਪਿੰਡ ਕਾਉਂਕੇ ਕਲਾਂ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ-ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਇੰਦਰਜੀਤ ਸਿੰਘ ਧਾਲੀਵਾਲ, ਦਵਿੰਦਰ ਸਿੰਘ ਕਾਉਂਕੇ ਤੇ ਹੋਰਨਾਂ ਨੇ ਕਿਹਾ ਕਿ ਇਸ ਮੌਸਮੀ ਮਾਰ ਨਾਲ ਹੋਰ ਪਿੰਡਾਂ ’ਚ ਵੀ ਫ਼ਸਲਾਂ ਦਾ ਨੁਕਸਾਨ ਹੋਇਆ ਹੈ ਪਰ ਜ਼ਿਲ੍ਹੇ ਵਿੱਚ ਸਭ ਤੋਂ ਵੱਡੇ ਪਿੰਡ ਕਾਉਂਕੇ ਕਲਾਂ ‘ਚ ਸਭ ਤੋਂ ਵੱਧ ਮਾਰ ਪਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਿਸਾਨੀ ਘਾਟੇ ਵਾਲਾ ਸੌਦਾ ਹੋਣ ਕਰਕੇ ਅਤੇ ਕਿਸਾਨਾਂ ਦੇ ਕਰਜ਼ੇ ਹੇਠ ਦੱਬੇ ਹੋਣ ਕਾਰਨ ਇਹ ਹੋਰ ਵੱਡੀ ਆਰਥਿਕ ਸੱਟ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਗਿਰਦਾਵਰੀ ਦੇ ਹੁਕਮ ਜਾਰੀ ਕਰਨ ਅਤੇ ਕੁਝ ਦਿਨਾਂ ਦੇ ਅੰਦਰ ਇਹ ਕੰਮ ਪੂਰਾ ਕਰਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਤੇ ਹਰੇ ਚਾਰੇ ਤੋਂ ਇਲਾਵਾ ਆਲੂਆਂ ਦਾ ਜ਼ਿਆਦਾ ਨੁਕਸਾਨ ਹੋਇਆ ਹੈ।
ਇਸੇ ਦੌਰਾਨ ਪੰਜਾਬ ਦੀਆਂ ਤਿੰਨ ਕਿਸਾਨ ਜਥੇਬੰਦੀਆਂ ਬੀਕੇਯੂ ਏਕਤਾ (ਉਗਰਾਹਾਂ), ਬੀਕੇਯੂ ਏਕਤਾ (ਡਕੌਂਦਾ) ਅਤੇ ਬੀਕੇਯੂ (ਕ੍ਰਾਂਤੀਕਾਰੀ) ਦੀ ਮੀਟਿੰਗ ’ਚ ਭਲਕੇ ਪੰਜ ਮਾਰਚ ਨੂੰ ਵਿਸ਼ਵ ਵਪਾਰ ਸੰਸਥਾ ਖ਼ਿਲਾਫ਼ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਰੋਸ ਦਿਖਾਵਿਆਂ ਦੀ ਤਿਆਰੀ ਦਾ ਜਾਇਜ਼ਾ ਲਿਆ ਗਿਆ। ਸਾਰੇ ਬਲਾਕਾਂ ’ਚੋਂ ਵੱਡੀ ਗਿਣਤੀ ’ਚ ਕਿਸਾਨ ਸਵੇਰੇ ਗਿਆਰਾਂ ਵਜੇ ਡੀਸੀ ਦਫ਼ਤਰ ਲੁਧਿਆਣਾ ਅੱਗੇ ਹੋਣ ਵਾਲੇ ਪ੍ਰਦਰਸ਼ਨ ’ਚ ਭਾਗ ਲੈਣਗੇ। ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਬੂਧਾਬੀ ‘ਚ ਬੀਤੇ ਦਿਨੀਂ ਹੋਈ ਸੰਸਾਰ ਵਪਾਰ ਸੰਸਥਾ ਦੀ ਮੀਟਿੰਗ ’ਚ ਇਕ ਹਜ਼ਾਰ ਤੋਂ ਵੱਧ ਡੈਲੀਗੇਟਾਂ ਨੇ ਭਾਗ ਲਿਆ। ਇਸ ‘ਚ ਕਿਸਾਨਾਂ ਨੂੰ ਮਿਲਦੀਆਂ ਸਬਸਿਡੀਆਂ ਖ਼ਤਮ ਕਰਨ, ਐੱਮਐੱਸਪੀ ਪੱਕੇ ਤੌਰ ’ਤੇ ਖ਼ਤਮ ਕਰਨ, ਅਨਾਜ ਦੀ ਸਰਕਾਰੀ ਖ਼ਰੀਦ ਦਾ ਭੋਗ ਪਾਉਣ ਦੀਆਂ ਵੱਡੀਆਂ ਮਹਾਸ਼ਕਤੀਆਂ ਨੇ ਫ਼ੈਸਲੇ ਲਏ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਤੋਂ ਸੰਸਾਰ ਵਪਾਰ ਸੰਸਥਾ ’ਚੋਂ ਕਿਸਾਨੀ ਨੂੰ ਬਾਹਰ ਕਰਨ ਦੀ ਮੰਗ ਕੀਤੀ ਗਈ ਹੈ ਕਿਉਂਕਿ ਇਹ ਸੰਸਥਾ ਪੂੰਜੀਪਤੀਆਂ ਦੇ ਮੁਨਾਫ਼ਿਆਂ ਨੂੰ ਜਰਬਾਂ ਦੇਣ ਅਤੇ ਵਿਕਾਸਸ਼ੀਲ ਮੁਲਕਾਂ ਦੇ ਅਰਥਚਾਰੇ ਨੂੰ ਆਪਣੇ ਕਬਜ਼ੇ ‘ਚ ਲੈਣ ਲਈ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਦਿਖਾਵੇ ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਮੰਨਵਾਉਣ, ਕਿਸਾਨਾਂ ਦੇ ਦਿੱਲੀ ਜਾਣ ਦੇ ਜਮਹੂਰੀ ਹੱਕ ਨੂੰ ਕੁਚਲਣ ਖ਼ਿਲਾਫ਼ ਦਿੱਤੇ ਜਾ ਰਹੇ ਹਨ।

Advertisement

Advertisement
Author Image

Advertisement
Advertisement
×