ਝੱਖੜ ਕਾਰਨ ਨੁਕਸਾਨੀਆਂ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ
ਗੁਰਿੰਦਰ ਸਿੰਘ
ਲੁਧਿਆਣਾ, 6 ਅਕਤੂਬਰ
ਜਮਹੂਰੀ ਕਿਸਾਨ ਸਭਾ ਨੇ ਪੰਜਾਬ ਸਰਕਾਰ ਤੋਂ ਮੌਸਮ ਦੀ ਖ਼ਰਾਬੀ ਕਾਰਨ ਫ਼ਸਲਾਂ ਦੇ ਹੋਏ ਖਰਾਬੇ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਅੱਜ ਇੱਥੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਹੈ ਕਿ ਬੀਤੀ ਰਾਤ ਪੰਜਾਬ ‘ਚ ਆਏ ਝੱਖੜ, ਮੀਂਹ ਅਤੇ ਗੜਿਆਂ ਕਾਰਨ ਪੱਕੀ ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਫ਼ਸਲਾਂ ਦੀ ਸਪੈਸ਼ਲ ਗਿਦਾਵਰੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦਾ ਨੁਕਸਾਨ ਪੂਰਾ ਹੋ ਸਕੇ।
ਉਨ੍ਹਾਂ ਕਿਹਾ ਕਿ ਮਾਝੇ ਦੇ ਚਾਰ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨ ਤਾਰਨ ਵਿੱਚ ਨੁਕਸਾਨ ਜ਼ਿਆਦਾ ਹੋਣ ਦੀਆਂ ਖ਼ਬਰਾਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਹੋਏ ਖਰਾਬੇ ਦੀ ਸਪੈਸ਼ਲ ਗਿਦਾਵਰੀ ਕਰਕੇ ਕਿਸਾਨ ਨੂੰ ਪ੍ਰਤੀ ਏਕੜ 40 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ। ਬਾਕੀ ਜ਼ਿਲ੍ਹਿਆਂ ਦੇ ਹੋਏ ਨੁਕਸਾਨ ਦਾ ਵੀ ਪੱਕਾ ਅੰਦਾਜ਼ਾ ਲਗਾਇਆ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਬਿਨਾਂ ਕਿਸੇ ਰੁਕਾਵਟ ਦੇ ਕੀਤੀ ਜਾਵੇ। ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਵੇ, ਇਸ ਦਾ ਪ੍ਰਬੰਧ ਸਰਕਾਰ ਨੂੰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਜਿੱਥੇ ਕਿਤੇ ਵੀ ਕਿਸਾਨਾਂ ਨੂੰ ਮੁਸ਼ਕਲ ਆਉਂਦੀ ਹੈ ਤਾਂ ਉਹ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸਥਾਨਕ ਆਗੂਆਂ ਨਾਲ ਸੰਪਰਕ ਕਰਨ।