ਕਿਰਨਦੀਪ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ
ਪੱਤਰ ਪ੍ਰੇਰਕ
ਬਨੂੜ, 21 ਨਵੰਬਰ
ਪਿਛਲੇ ਦਿਨੀਂ ਡੇਂਗੂ ਨਾਲ ਅਕਾਲ ਚਲਾਣਾ ਕਰ ਗਈ ਆਸ਼ਾ ਫੈਸਿਲੀਟੇਟਰ ਕਿਰਨਦੀਪ ਕੌਰ (48) ਨਮਿਤ ਅੰਤਿਮ ਅਰਦਾਸ ਅੱਜ ਪਿੰਡ ਢੇਲਪੁਰ ਦੇ ਗੁਰਦੁਆਰੇ ’ਚ ਹੋਈ। ਇਸ ਮੌਕੇ ਵੱਡੀ ਗਿਣਤੀ ’ਚ ਇਲਾਕਾ ਵਾਸੀਆਂ ਤੋਂ ਇਲਾਵਾ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਰਨਦੀਪ ਕੌਰ ਦੀਆਂ ਕੋਵਿਡ ਦੌਰਾਨ ਨਿਭਾਈਆਂ ਸੇਵਾਵਾਂ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕਰਨ ਦੇ ਨਿਰਦੇਸ਼ਾਂ ਦੌਰਾਨ ਆਸ਼ਾ ਫੈਸਿਲੀਟੇਟਰ ਖ਼ੁਦ ਡੇਂਗੂ ਦੀ ਸ਼ਿਕਾਰ ਹੋ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕਾ ਦੇ ਪਰਿਵਾਰ ਨੂੰ ਤੁਰੰਤ ਮੁਆਵਜ਼ਾ ਦੇਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਸ ਮੌਕੇ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਵੀ ਸਰਕਾਰ ਤੇ ਸਿਹਤ ਵਿਭਾਗ ਤੋਂ ਮ੍ਰਿਤਕਾ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਨੌਕਰੀ ਦੀ ਮੰਗ ਕੀਤੀ ਗਈ। ਇਸ ਮੌਕੇ ਰੂਰਲ ਮੈਡੀਕਲ ਅਫ਼ਸਰ ਡਾ. ਰਮਨਪ੍ਰੀਤ ਸਿੰਘ ਚਾਵਲਾ, ਐੱਸਆਈ ਅਵਤਾਰ ਸਿੰਘ, ਰਘਵੀਰ ਸਿੰਘ, ਸੀਐੱਚਓ ਰਚਨਾ ਕੰਬੋਜ ਆਦਿ ਨੇ ਵੀ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਾਰੇ ਮਾਮਲੇ ਬਾਰੇ ਰਿਪੋਰਟ ਭੇਜਣਗੇ।