ਮੀਂਹ ਦੇ ਨੁਕਸਾਨ ਦੀ ਗਿਰਦਾਵਰੀ ਤੇ ਮੁਆਵਜ਼ੇ ਦੀ ਮੰਗ
ਨਿੱਜੀ ਪੱਤਰ ਪ੍ਰੇਰਕ
ਮਾਾਨਸਾ, 28 ਜੁਲਾਈ
ਆਮ ਆਦਮੀ ਪਾਰਟੀ ਜ਼ਿਲ੍ਹਾ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਜ਼ਿਲ੍ਹੇ ’ਚ ਪਿਛਲੇ ਹਫ਼ਤੇ ਹੋਈ ਬਾਰਿਸ਼ ਨੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦਾ ਭਾਰੀ ਨੁਕਸਾਨ ਕੀਤਾ ਹੈ। ਮੀਂਹ ਦੇ ਪਾਣੀ ਵਿੱਚ ਡੁੱਬ ਕੇ ਨਰਮੇ ਅਤੇ ਝੋਨੇ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਚੁੱਕੀ ਹੈ ਅਤੇ ਸੈਂਕੜੇ ਮਕਾਨ ਡਿੱਗ ਚੁੱਕੇ ਹਨ। ਆਗੂਆਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਬਰਬਾਦ ਹੋਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਅਤੇ ਡਿੱਗੇ ਹੋਏ ਮਕਾਨਾਂ ਦੀ ਹਾਲਤ ਦੇਖ ਕੇ ਸਰਕਾਰ ਕਿਸਾਨਾਂ ਅਤੇ ਘਰ ਪੀੜ੍ਹਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰੇ ਤਾਂ ਜੋ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ। ਆਗੂਆਂ ਮੰਗ ਕੀਤੀ ਕਿ ਪੰਚਾਇਤਾਂ ਨੂੰ ਤੁਰੰਤ ਫੰਡ ਜਾਰੀ ਕੀਤੇ ਜਾਣ, ਜਿਸ ਨਾਲ ਪੰਚਾਇਤਾਂ ਆਪਣੇ-ਆਪਣੇ ਪਿੰਡਾਂ ਦੇ ਛੱਪੜਾਂ ਨੂੰ ਜਲਦੀ ਖਾਲੀ ਕਰਵਾ ਸਕਣ। ਮੀਂਹ ਕਾਰਨ ਡਿੱਗ ਚੁੱਕੇ ਮਕਾਨਾਂ ਦਾ ਨਿਰੀਖਣ ਕਰਕੇ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ ਤਾਂ ਜੋ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਮੱਲਮ ਲੱਗ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੌਕੇ ’ਤੇ ਪਹੁੰਚ ਕੇ ਨੁਕਸਾਨ ਦਾ ਜਾਇਜ਼ਾ ਲੈਣ।