ਵੋਟਰ ਸੂਚੀਆਂ ਨੂੰ ਦਰੁਸਤ ਕਰਨ ਦੀ ਮੰਗ
ਪੱਤਰ ਪ੍ਰੇਰਕ
ਕੁਰਾਲੀ, 29 ਸਤੰਬਰ
ਬਲਾਕ ਮਾਜਰੀ ਦੇ ਪਿੰਡਾਂ ਵਿੱਚ ਪੰਚਾਇਤ ਚੋਣਾਂ ਨੂੰ ਲੈ ਕੇ ਪਿੰਡਾਂ ਦੇ ਵਾਰਡਾਂ ਦੀਆਂ ਵੋਟਾਂ ਦੂਜੇ ਵਾਰਡਾਂ ਵਿੱਚ ਪਾਏ ਜਾਣ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਰਾਜ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਵੋਟਰ ਸੂਚੀਆਂ ਨੂੰ ਸਹੀ ਕਰਨ ਦੀ ਮੰਗ ਕੀਤੀ ਹੈ। ਰਾਜ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਦੀ ਕਾਪੀ ਜਾਰੀ ਕਰਦਿਆਂ ਸ੍ਰੀ ਕੰਗ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਖਰੜ ਵਿੱਚ ਪੈਂਦੇ ਬਲਾਕ ਮਾਜਰੀ ਦੇ ਕਈ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਨੂੰ ਮੁੱਖ ਰੱਖ ਕੇ ਵੋਟਰ ਸੂਚੀਆਂ ਨਾਲ ਛੇੜਛਾੜ ਕੀਤੀ ਗਈ ਹੈ। ਸ੍ਰੀ ਕੰਗ ਨੇ ਕਿਹਾ ਕਿ ਪਿੰਡ ਖਿਜ਼ਰਾਬਾਦ ਸਮੇਤ ਹੋਰਨਾਂ ਕਈ ਪਿੰਡਾਂ ਵਿੱਚ ਇੱਕ ਵਾਰਡ ਦੀਆਂ ਵੋਟਾਂ ਦੂਜੇ ਵਾਰਡਾਂ ਵਿੱਚ ਪਾ ਦਿੱਤੀਆਂ ਗਈਆਂ ਹਨ ਤਾਂ ਜੋ ਸੱਤਾਧਾਰੀ ਧਿਰ ਨਾਲ ਸਬੰਧਤ ਉਮੀਦਵਾਰਾਂ ਨੂੰ ਲਾਭ ਪਹੁੰਚ ਸਕੇ। ਸ੍ਰੀ ਕੰਗ ਨੇ ਕਿਹਾ ਕਿ ਇਸ ਕਾਰਨ ਲੋਕਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਸ੍ਰੀ ਕੰਗ ਨੇ ਕਿਹਾ ਕਿ ਅਜਿਹੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।