ਫਸਲਾਂ ਦੀ ਗਿਰਦਾਵਰੀ ਕਰਾਉਣ ਦੀ ਮੰਗ
ਟ੍ਰਿਬਿਊਨ ਨਿਊਜ਼ ਸਰਵਿਸ/ਨਿੱਜੀ ਪੱਤਰ ਪ੍ਰੇਰਕ
ਚੰਡੀਗੜ੍ਹ/ਬਠਿੰਡਾ, 10 ਜੁਲਾਈ
ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਤੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ ਸਿੰਘ ਟਾਂਡਾ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕੁੱਲ ਹਿੰਦ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਕ੍ਰਮਵਾਰ ਪ੍ਰਧਾਨਾਂ ਨੇ ਇੱਥੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਭਾਰੀ ਮੀਂਹ ਨੇ ਸਤਲੁਜ, ਘੱਗਰ ਅਤੇ ਬਿਆਸ ਦਰਿਆਵਾਂ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਹਾਲ ਹੀ ਵਿੱਚ ਬੀਜੀ ਲੱਖਾਂ ਏਕੜ ਝੋਨੇ ਦੀ ਫਸਲ, ਸਬਜ਼ੀਆਂ, ਚਾਰੇ, ਮੱਕੀ ਦੀ ਫਸਲ ਅਤੇ ਘਰਾਂ ਦੇ ਨਾਲ-ਨਾਲ ਫਸਲਾਂ ਦਾ ਜ਼ਿਲ੍ਹਾ ਪਟਿਆਲਾ, ਮੁਹਾਲੀ, ਰੋਪੜ, ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਤਰਨ ਤਾਰਨ, ਲੁਧਿਆਣਾ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਾਪਤ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਜ਼ਿਲ੍ਹਾ ਪਟਿਆਲਾ ਦੇ ਘਨੌਰ ਅਤੇ ਰਾਜਪੁਰਾ ਖੇਤਰ ਦੇ ਚਾਰ ਦਰਜਨ ਦੇ ਕਰੀਬ ਪਿੰਡ ਘੱਗਰ ਦੇ ਪਾਣੀ ਵਿੱਚ ਡੁੱਬ ਗਏ ਹਨ, ਜਿਸ ਕਾਰਨ ਲੋਕਾਂ ਦੀ ਜ਼ਿੰਦਗੀ ਅਤੇ ਫ਼ਸਲਾਂ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਸਤਲੁਜ ਅਤੇ ਬਿਆਸ ਦਰਿਆਵਾਂ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪਿੰਡਾਂ ਅਤੇ ਖੜੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਬਠਿੰਡਾ ’ਚ ਕਿਹਾ ਕਿ ਮੌਨਸੂਨ ਦੀ ਪਹਿਲੀ ਬਰਸਾਤ ਨਾਲ ਹੀ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀ ਨੌਬਤ ਆਉਣਾ ਸਰਕਾਰਾਂ ਦੀ ਨਾਕਾਮੀ ਦਾ ਸਿੱਟਾ ਹੈ।