ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਲਈ ਤਿਆਰ ਖਰੜੇ ਨੂੰ ਅਮਲੀ ਰੂਪ ਦੇਣ ਦੀ ਮੰਗ
ਟ੍ਰਿੁਿਬਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਜੁਲਾਈ
ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ ,ਸੇਵਾ ਮੁਕਤੀ ਅਤੇ ਕਾਰਜ ਖੇਤਰ ਸਬੰਧੀ ਵਿਧੀ ਵਿਧਾਨ ਤਿਆਰ ਕਰਨ ਦੀ ਮੰਗ ਮੁੜ ਉਭਰੀ ਹੈ । ਇਸ ਮਾਮਲੇ ਨੂੰ ਸ਼੍ਰੋਮਣੀ ਕਮੇਟੀ ਵਲੋਂ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਜਥੇਬੰਦੀ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇਕ ਪੱਤਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਕੇ ਮੰਗ ਕੀਤੀ ਹੈ ਕਿ ਲਗਪਗ 24 ਸਾਲ ਪਹਿਲਾਂ ਮਰਹੂਮ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸ੍ਰੀ ਅਕਾਲ ਤਖ਼ਤ ਤੇ ਦੂਜੇ ਤਖ਼ਤਾਂ ਲਈ ਨਿਯੁਕਤ ਕੀਤੇ ਜਾਂਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਆਦਿ ਬਾਰੇ ਵਿਦਵਾਨਾਂ ਦੀ ਕਮੇਟੀ ਬਣਾ ਕੇ ਖਰੜਾ ਤਿਆਰ ਕਰਵਾਇਆ ਸੀ, ਜਿਸ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਭੇਜ ਦਿੱਤਾ ਸੀ ਪਰ ਇਹ ਅਜੇ ਤੀਕ ਲਾਗੂ ਨਹੀਂ ਕੀਤਾ ਗਿਆ। ਮੰਚ ਆਗੂ ਨੇ ਕਿਹਾ ਹੈ ਕਿ ਇਹ ਖ਼ਰੜਾ ਜਨਤਕ ਹੋਣਾ ਚਾਹੀਦਾ ਤਾਂ ਜੋ ਸਿੱਖ ਜਗਤ ਇਸ ਤੋਂ ਜਾਣੂ ਹੋ ਸਕੇ।