ਐੱਨਓਸੀ ਦੀ ਸ਼ਰਤ ਖ਼ਤਮ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ
ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 21 ਫਰਵਰੀ
‘ਆਮ ਆਦਮੀ-ਘਰ ਬਚਾਓ ਮੋਰਚਾ’ ਦੀ ਅਹਿਮ ਮੀਟਿੰਗ ਸੂਬਾ ਕਨਵੀਨਰ ਹਰਮਿੰਦਰ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਥਿਤ ਗ਼ੈਰਕਾਨੂੰਨੀ ਕਲੋਨੀਆਂ, ਛੋਟੇ ਪਲਾਟਾਂ ਅਤੇ ਜ਼ਮੀਨਾਂ ਦੀਆਂ ਇੱਕ ਕਨਾਲ ਦੀਆਂ ਰਜਿਸਟਰੀਆਂ ਬੰਦ ਕਰਨ ਦੇ ਹੁਕਮ ਤੁਰੰਤ ਵਾਪਸ ਲੈਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੰਗ ਕੀਤੀ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਛੇਤੀ ਜਾਰੀ ਕਰਕੇ ਉਪਰੋਕਤ ਹੁਕਮ ਫੌਰੀ ਲਾਗੂ ਕਰਵਾਏ ਜਾਣ। ਮਾਵੀ ਨੇ ਕਿਹਾ ਕਿ ਅਜਿਹੀਆਂ ਕਲੋਨੀਆਂ ਵਿੱਚ ਬਿਜਲੀ ਕੁਨੈਕਸ਼ਨ ਲੈਣ ਲਈ ਐੱਨਓਸੀ ਦੀ ਸ਼ਰਤ ਲਗਾਏ ਜਾਣ ਕਾਰਨ ਲੋਕਾਂ ਨੂੰ ਬਿਜਲੀ ਕੁਨੈਕਸ਼ਨ ਲੈਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।
ਪ੍ਰੀਖਿਆਵਾਂ ਸ਼ੁਰੂ ਹੋਣ ਦੌਰਾਨ ਗ਼ਰੀਬ ਪਰਿਵਾਰਾਂ ਦੇ ਘਰਾਂ ਵਿੱਚ ਬਿਜਲੀ ਨਾ ਹੋਣ ਕਰਕੇ ਲੱਖਾਂ ਵਿਦਿਆਰਥੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਨੂੰਨੀ ਸਲਾਹਕਾਰ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਲਾਗੂ ਕਰਕੇ ਗਰੀਬ ਤੇ ਮੱਧ ਵਰਗੀ ਲੋਕਾਂ ਨੂੰ ਵੱਡੀ ਰਾਹਤ ਦੇਣੀ ਚਾਹੀਦੀ ਹੈ। ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਦੇ ਸੂਬਾ ਪ੍ਰਧਾਨ ਜਸਪਾਲ ਸਿੰਘ ਦੱਪਰ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਪਾਬੰਦੀਆਂ ਨਾ ਹਟਾਈਆਂ ਗਈਆਂ ਤਾਂ ਵਕੀਲ ਭਾਈਚਾਰੇ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।