For the best experience, open
https://m.punjabitribuneonline.com
on your mobile browser.
Advertisement

ਵੜਿੰਗ ਵੱਲੋਂ ਉਮੀਦਵਾਰਾਂ ਨੂੰ ਐੱਨਓਸੀ ਜਾਰੀ ਕਰਨ ਦੀ ਮੰਗ

07:14 AM Sep 29, 2024 IST
ਵੜਿੰਗ ਵੱਲੋਂ ਉਮੀਦਵਾਰਾਂ ਨੂੰ ਐੱਨਓਸੀ ਜਾਰੀ ਕਰਨ ਦੀ ਮੰਗ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਗਗਨਦੀਪ ਅਰੋੜਾ
ਲੁਧਿਆਣਾ, 28 ਸਤੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐੱਨਓਸੀ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਬਾਰੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨਾਲ ਮੀਟਿੰਗ ਕੀਤੀ। ਸ੍ਰੀ ਵੜਿੰਗ ਨੇ ਮਸਲਾ ਉਠਾਇਆ ਕਿ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਚਾਹਵਾਨ ਉਮੀਦਵਾਰਾਂ ਵਿੱਚੋਂ ਜਿੱਥੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੂੰ ਸਮੇਂ ਸਿਰ ਮਨਜ਼ੂਰੀ ਦਿੱਤੀ ਜਾ ਰਹੀ ਹੈ, ਉਥੇ ਆਜ਼ਾਦ ਅਤੇ ਗੈਰ ‘ਆਪ’ ਗਠਜੋੜ ਵਾਲੇ ਉਮੀਦਵਾਰਾਂ ਨੂੰ ਐੱਨਓਸੀ ਜਾਰੀ ਕਰਨ ਵਿੱਚ ਜਾਣ ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਕਰਕੇ ‘ਆਪ’ ਨੂੰ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਨਾਜਾਇਜ਼ ਫਾਇਦਾ ਪਹੁੰਚਾਇਆ ਜਾ ਰਿਹਾ ਹੈ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ‘ਆਪ’ ਸਰਕਾਰ ’ਤੇ ਸੱਤਾ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ਲੋਕਤੰਤਰ ਦਾ ਮਜ਼ਾਕ ਉਡਾਉਣ ਤੋਂ ਘੱਟ ਨਹੀਂ ਹੈ। ਆਮ ਆਦਮੀ ਪਾਰਟੀ ਇਹ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨਾਲ ਗੱਠਜੋੜ ਨਾ ਕਰਨ ਵਾਲੇ ਸਾਰੇ ਉਮੀਦਵਾਰਾਂ ਨੂੰ ਹਨੇਰੇ ਵਿੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਸਾਰੀ ਕਾਗਜ਼ੀ ਕਾਰਵਾਈ 15 ਦਿਨ ਪਹਿਲਾਂ ਪੂਰੀ ਹੋ ਜਾਣੀ ਚਾਹੀਦੀ ਸੀ।
ਚੋਣ ਨਿਸ਼ਾਨ ਦੀ ਵਰਤੋਂ ਕੀਤੇ ਬਿਨਾਂ ਪ੍ਰਚਾਰ ਕਰਨ ਦੀ ਗੱਲ ’ਤੇ ਸਵਾਲ ਖੜ੍ਹੇ ਕਰਦਿਆਂ ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਪਤਾ ਹੈ ਕਿ ਪੰਜਾਬ ਵਿੱਚ ‘ਆਪ’ ਦੇ ਚੋਣ ਨਿਸ਼ਾਨ ਵਾਲਾ ਕੋਈ ਵੀ ਉਮੀਦਵਾਰ ਬੁਰੀ ਤਰ੍ਹਾਂ ਹਾਰ ਜਾਵੇਗਾ। ਇਸੇ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਫਵਾਹਾਂ ਉੱਡ ਰਹੀਆਂ ਹਨ ਕਿ ਇੱਕ ਫਾਰਮ ਤਿਆਰ ਕੀਤਾ ਜਾ ਰਿਹਾ ਹੈ, ਜਿੱਥੇ ਜੇਤੂ ਸਰਪੰਚਾਂ ਨੂੰ ਪੁੱਛਿਆ ਜਾਵੇਗਾ ਕਿ ਉਹ ਕਿਸ ਸਿਆਸੀ ਪਾਰਟੀ ਨਾਲ ਜਾਣਗੇ ਅਤੇ ਉਨ੍ਹਾਂ ’ਤੇ ‘ਆਪ’ ਨਾਲ ਹੱਥ ਮਿਲਾਉਣ ਲਈ ਦਬਾਅ ਬਣਾਇਆ ਜਾਵੇਗਾ।

Advertisement

ਬੁੱਢੇ ਦਰਿਆ ਨੂੰ ਸੁਰਜੀਤ ਕਰਨ ਦੀ ਸਖ਼ਤ ਲੋੜ: ਵੜਿੰਗ

ਰਾਜਾ ਵੜਿੰਗ ਨੇ ਕਿਹਾ ਕਿ ਬੁੱਢੇ ਨਾਲੇ ਨੂੰ ਸੁਰਜੀਤ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਅਤੇ ਇਸ ਦੇ ਵਸਨੀਕਾਂ ਨੂੰ ਪ੍ਰਭਾਵਿਤ ਕਰਨ ਵਾਲਾ ਇਹ ਇੱਕ ਨਾਜ਼ੁਕ ਮੁੱਦਾ ਹੈ ਜੋ ਸਿਰਫ਼ ਸਿਆਸੀ ਨਾ ਹੋ ਕੇ ਜਨਤਕ ਸਿਹਤ ਦਾ ਮਸਲਾ ਹੈ। ਬੁੱਢਾ ਦਰਿਆ ਦੀ ਸਥਿਤੀ ਲੁਧਿਆਣਾ ਦੇ ਲੋਕਾਂ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਇਸ ਸਮੱਸਿਆ ਨੂੰ ਹੱਲ ਕਰਨ ਅਤੇ ਲੰਬੇ ਸਮੇਂ ਦੇ ਹੱਲ ਲੱਭਣ ਲਈ ਬਹੁ-ਸਟੇਕਹੋਲਡਰ ਮੀਟਿੰਗ ਦਾ ਪ੍ਰਸਤਾਵ ਰੱਖਿਆ ਹੈ। ਲੋਕਾਂ ਦੀ ਸਿਹਤ ਨੂੰ ਹੁਣ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਲੁਧਿਆਣਾ ਦੇ ਜਗਰਾਉਂ ਪੁਲ ਨੇੜੇ ਉਨ੍ਹਾਂ ਦੇ ਬੁੱਤ ’ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ।

Advertisement

Advertisement
Author Image

Advertisement