ਲੁਧਿਆਣਾ ਦੇ 22 ਏਡਿਡ ਕਾਲਜਾਂ ਵੱਲੋਂ ਡੀਸੀ ਨੂੰ ਮੰਗ ਪੱਤਰ
ਖੇਤਰੀ ਪ੍ਰਤੀਨਿਧ
ਲੁਧਿਆਣਾ, 4 ਅਕਤੂਬਰ
ਏਡਿਡ ਕਾਲਜਾਂ ਦੀਆਂ ਲੰਬੇ ਸਮੇਂ ਤੋ ਲਮਕਦੀਆਂ ਆ ਰਹੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਪੰਜਾਬ ਦੇ 136 ਏਡਿਡ ਕਾਲਜਾਂ ਵੱਲੋਂ ਸੰਘਰਸ਼ ਵਿੱਢਿਆ ਗਿਆ ਹੈ। ਮੰਗਾਂ ਪੂਰੀਆਂ ਕਰਵਾਉਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਏਡਿਡ ਕਾਲਕਾ ਦੇ ਅਧਿਆਪਕਾਂ ਵੱਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਭੇਜੇ ਜਾਣ ਦੇ ਪ੍ਰੋਗਰਾਮ ਤਹਿਤ ਅੱਜ ਲੁਧਿਆਣਾ ਦੇ 22 ਏਡਿਡ ਕਾਲਜਾਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜੋਰਵਾਲ ਨੂੰ ਮੰਗ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਕਰਵਾਉਣ ਦੀ ਮੰਗ ਕੀਤੀ।
ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ. ਚਮਕੌਰ ਸਿੰਘ ਨੇ ਕਿਹਾ ਕਿ ਉੱਚ ਸਿੱਖਿਆ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪ੍ਰਿੰਸੀਪਲ ਦੀ ਉਮਰ ਸੀਮਾ 60 ਸਾਲ ਤੋਂ ਘਟਾਕੇ 58 ਸਾਲ ਕੀਤੀ ਹੈ, ਜਿਸ ਨਾਲ ਕੋਈ ਵੀ ਤਜ਼ਰਬੇਕਾਰ ਅਧਿਆਪਕ ਇਸ ਅਸਾਮੀ ਤੇ ਆਉਣ ਤੋਂ ਕਤਰਾ ਰਿਹਾ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਡੀਪੀਆਈ ਦਫ਼ਤਰ ਦੀ ਕਾਰਗੁਜ਼ਾਰੀ ਦਰੁਸਤ ਕਰਕੇ ਲਟਕਦੇ ਮਸਲੇ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ 5 ਸਤੰਬਰ 2022 ਨੂੰ ਲਾਗੂ ਕੀਤਾ ਗਿਆ 7ਵਾਂ ਤਨਖ਼ਾਹ ਕਮਿਸ਼ਨ ਹਾਲੇ ਤੱਕ ਲਾਗੂ ਨਹੀਂ ਹੋ ਸਕਿਆ ਹੈ। ਸਕੱਤਰ ਡਾ. ਸੁੰਦਰ ਸਿੰਘ ਨੇ ਕਿਹਾ ਕਿ ਉੱਚ ਸਿੱਖਿਆ ਵਿਭਾਗ ਦੇ ਅਫਸਰਾਂ ਨਾਲ ਵਾਰ ਵਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਫਾਈਲਾਂ ਕਲੀਅਰ ਨਹੀਂ ਕੀਤੀਆਂ ਜਾ ਰਹੀਆਂ। ਇਸ ਸਬੰਧ ਵਿੱਚ ਅਧਿਆਪਕਾਂ ਵੱਲੋਂ ਆਉਂਦੀ 28 ਅਕਤੂਬਰ ਨੂੰ ਲੁਧਿਆਣਾ ਵਿੱਚ ਮੋਮਬੱਤੀ ਮਾਰਚ ਕੱਢਿਆ ਜਾਵੇਗਾ ਅਤੇ 6 ਨਵੰਬਰ ਨੂੰ ਡੀਪੀਆਈ ਦਫ਼ਤਰ ਮੁਹਲੀ ਵਿੱਚ ਸੂਬਾ ਪੱਧਰੀ ਧਰਨਾ ਵੀ ਦਿੱਤਾ ਜਾਵੇਗਾ। ਡਾ. ਅਦਿਤੀ ਨੇ ਏਡਿਡ ਕਾਲਜਾਂ ਵਿੱਚ ਬੱਚਿਆਂ ਦੀ ਸੰਭਾਲ ਲਈ ਛੁੱਟੀਆਂ ਲਾਗੂ ਕਰਨ ਦੀ ਮੰਗ ਕੀਤੀ। ਆਗੁਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮਸਲੇ ਹੱਲ ਨਾਂ ਕੀਤੇ, ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਸੱਤਵਾਂ ਪੇਅ ਸਕੇਲ ਲਾਗੂ ਕਰਨ ਦੀ ਮੰਗ
ਪੰਜਾਬ ਯੂਨੀਵਰਸਿਟੀ ਏਰੀਆ ਸਕੱਤਰ ਡਾ. ਰਮਨ ਸ਼ਰਮਾ ਨੇ ਮੰਗ ਕੀਤੀ ਕਿ 6ਵੇਂ ਪੇਅ ਸਕੇਲ ਵਾਂਗ ਸਰਕਾਰ 7ਵਾਂ ਪੇਅ ਸਕੇਲ ਵੀ ਪਹਿਲਾਂ ਹੀ ਗਰਾਂਟ ਵਧਾ ਕੇ ਜਾਰੀ ਕਰੇ। ਡਾ. ਰੋਹਿਤ ਨੇ ਕਿਹਾ ਕਿ ਏਡਿਡ ਕਾਲਜਾਂ ਵਿੱਚ ਅਨ ਏਡਿਡ ਪੋਸਟਾਂ ਨੂੰ ਏਡਿਡ ਪੋਸਟਾਂ ਵਿੱਚ ਤਬਦੀਲ ਕੀਤਾ ਜਾਵੇ। ਡਾ. ਵਰੁਣ ਗੋਇਲ ਨੇ ਕਿਹਾ ਕਿ ਹਾਈ ਕੋਰਟ ਦੇ ਆਦੇਸ਼ਾਂ ’ਤੇ ਏਡਿਡ ਕਾਲਜਾਂ ਵਿੱਚ 1925 ਪੋਸਟਾਂ ਦੀ ਭਰਤੀ ਕੀਤੀ ਗਈ, ਪਰ ਪੰਜਾਬ ਸਰਕਾਰ ਨੇ ਗਰਾਂਟ 95 ਤੋਂ ਘਟਾ ਕੇ 75 ਫ਼ੀਸਦ ਕਰ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਾ ਗਈਆਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।