ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਚੰਡੀਗੜ੍ਹ ਵਿੱਚ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ। ਇਨ੍ਹਾਂ ਮੰਗ ਪੱਤਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਕਿਸਾਨੀ ਦੇ ਮੁੱਦੇ, ਸ਼੍ਰੋਮਣੀ ਕਮੇਟੀ ਚੋਣ ਅਤੇ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਮੁੱਦੇ ਉਠਾਏ ਗਏ। ਸ਼੍ਰੋਮਣੀ ਅਕਾਲੀ ਦਲ (ਅ) ਚੰਡੀਗੜ੍ਹ ਦੇ ਪ੍ਰਧਾਨ ਤੇ ਪਾਰਟੀ ਦੇ ਮੁੱਖ ਬੁਲਾਰੇ ਗੋਪਾਲ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਇਸ ਮਸਲੇ ਵਿੱਚ ਰਾਸ਼ਟਰਪਤੀ ਨੂੰ ਦਖ਼ਲ ਦੇ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਵੋਟਾਂ ਬਣਾਉਣ ਦਾ ਸਮਾਂ ਵਧਾਉਣ ਦੀ ਮੰਗ ਕੀਤੀ।
ਐਸ.ਏ.ਐਸ.ਨਗਰ(ਮੁਹਾਲੀ) (ਖੇਤਰੀ ਪ੍ਰਤੀਨਿਧ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਥਾਨਕ ਆਗੂਆਂ ਨੇ ਪਾਰਟੀ ਦੀ ਪੀਏਸੀ ਦੇ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਦੀ ਅਗਵਾਈ ਹੇਠ ਮੁਹਾਲੀ ਦੇ ਏਡੀਸੀ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ।
ਕਿਸਾਨਾਂ ’ਤੇ ਜ਼ਬਰ ਢਾਹ ਰਿਹੈ ਕੇਂਦਰ: ਮਾਨ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਉਨ੍ਹਾਂ ’ਤੇ ਜਬਰ ਢਾਹ ਰਹੀ ਹੈ ਜਿਸ ਦੀ ਸੰਵਿਧਾਨ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਜਲਦੀ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ।