ਭਾਕਿਯੂ ਏਕਤਾ ਸਿੱਧੂਪੁਰ ਵੱਲੋਂ ਏਡੀਸੀ ਨੂੰ ਮੰਗ ਪੱਤਰ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਵਫ਼ਦ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਅਨਮੋਲ ਸਿੰਘ ਧਾਲੀਵਾਲ ਨੂੰ ਸੌਂਪਿਆ ਗਿਆ। ਇਸ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸਾ ਦੇ ਮਾਮਲੇ ਵਿੱਚ ਤੁਰੰਤ ਖੁਦ ਦਖ਼ਲਅੰਦਾਜ਼ੀ ਕਰਕੇ ਨਸ਼ਾ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰੇ ਅਤੇ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਸਮੇਤ ਉਨ੍ਹਾਂ ਦੇ ਸਾਥੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਉੱਪਰ ਦਰਜ ਕੇਸਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ ਪਰਵਿੰਦਰ ਸਿੰਘ ਝੋਟੇ ਨੂੰ ਤੁਰੰਤ ਜ਼ੇਲ ਵਿੱਚੋਂ ਰਿਹਾਅ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਹੜ੍ਹਾਂ ਦੌਰਾਨ ਕਿਸਾਨਾਂ, ਮਜ਼ਦੂਰਾਂ, ਆਮ ਲੋਕਾਂ ਦੇ ਹੋਏ ਹਰ ਪ੍ਰਕਾਰ ਦੇ ਜਾਨੀ ਮਾਲੀ ਨੁਕਸਾਨ ਦੀ ਪੂਰਤੀ ਲਈ ਵੱਧ ਤੋਂ ਵੱਧ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਇਸ ਮੌਕੇ ਬਲਾਕ ਪ੍ਰਧਾਨ ਹਰੀ ਸਿੰਘ ਚੱਠਾ, ਰਾਮਫਲ ਸਿੰਘ ਜਲੂਰ, ਲਖਵਿੰਦਰ ਸਿੰਘ ਡੂਡੀਆਂ, ਕਰਮ ਸਿੰਘ ਨਮੋਲ ,ਗੁਰਚਰਨ ਸਿੰਘ ਮਿੱਠੂ ਨਮੋਲ, ਸੋਹਣੂ ਸਿੰਘ ਮਲਕ, ਦਲਵਾਰਾ ਸਿੰਘ ਚੱਠਾ, ਜਗਤਾਰ ਸਿੰਘ ਫੌਜੀ, ਨਿੱਕਾ ਸਿੰਘ ਸ਼ਾਦੀਹਰੀ ਮੌਜੂਦ ਸਨ।