ਸੀਟੂ ਵੱਲੋਂ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 12 ਜੁਲਾਈ
ਜ਼ਿਲ੍ਹਾ ਮਾਲੇਰਕੋਟਲਾ ਦੇ ਸੀਟੂ ਕਿਰਤੀਆਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪ੍ਰਿੰਸੀਪਲ ਜੋਗਿੰਦਰ ਸਿੰਘ ਔਲਖ ਸੂਬਾਈ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਸੀਟੂ ਦੀ ਅਗਵਾਈ ਵਿੱਚ ਧਰਨਾ ਦਿੱਤਾ। ਇਸ ਉਪਰੰਤ ਮੁੱਖ ਮੰਤਰੀ ਦੇ ਨਾਂ ਸਹਾਇਕ ਕਮਿਸ਼ਨਰ ਗੁਰਮੀਤ ਰਾਮ ਨੂੰ ਮੰਗ ਪੱਤਰ ਸੌਂਪਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਸ੍ਰੀ ਔਲਖ ਨੇ ਕਿਹਾ ਕਿ ਸਰਕਾਰਾਂ ਕਿਰਤੀਆਂ ਦੇ ਹਿੱਤਾਂ ਦੀ ਅਣਦੇਖੀ ਕਰ ਰਹੀਆਂ ਹਨ। ਪੰਜਾਬ ਸਰਕਾਰ ਨੇ 2012 ਤੋਂ ਬਾਅਦ ਮਜ਼ਦੂਰਾਂ ਦੀਆਂ ਘੱਟੋ ਘੱਟ ਉਜ਼ਰਤਾਂ ਵਿੱਚ ਵਾਧਾ ਨਹੀਂ ਕੀਤਾ ਜਦੋਂਕਿ ਮਹਿੰਗਾਈ ਦਨਿ-ਬ-ਦਨਿ ਵਧ ਰਹੀ ਹੈ। ਸ੍ਰੀ ਔਲਖ ਨੇ ਪੰਜਾਬ ਸਰਕਾਰ ਦੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਨੀਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੋਈ ਨਵੀਂਆਂ ਨਿਯੁਕਤੀਆਂ ਨਹੀਂ ਕੀਤੀਆਂ ਜਾ ਰਹੀਆਂ। ਸ੍ਰੀ ਔਲਖ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਨਵੇਂ ਬਣਾਏ ਚਾਰ ਲੇਬਰ ਕੋਡ ਰੱਦ ਕਰੇ। ਸੀਟੂ ਦੇ ਸੂਬਾਈ ਵਰਕਿੰਗ ਕਮੇਟੀ ਮੈਂਬਰ ਤੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਪਾਲ ਸਿੰਘ ਪੁੰਨਾਵਾਲ ਨੇ ਸੀਟੂ ਕਿਰਤੀਆਂ ਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ।