ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵੱਲੋਂ ਵਿਧਾਇਕਾ ਨੂੰ ਮੰਗ ਪੱਤਰ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਦਸੰਬਰ
ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵੱਲੋਂ ਜ਼ਿਲ੍ਹਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਕਿ ਕੱਚੇ ਅਧਿਆਪਕਾਂ ਨੂੰ ਤਨਖਾਹ ਸਕੇਲਾਂ ’ਤੇ ਸਰਕਾਰੀ ਲਾਭ ਤਹਿਤ ਰੈਗੂਲਰ ਕੀਤਾ ਜਾਵੇ ਅਤੇ ਪਿਛਲੇ ਸਾਢੇ ਛੇ ਮਹੀਨਿਆਂ ਤੋਂ ਟੈਂਕੀ ਉਪਰ ਡਟੇ ਸਿੱਖਿਆ ਪ੍ਰੋਵਾਈਡਰ ਇੰਦਰਜੀਤ ਸਿੰਘ ਦੀ ਸਾਰ ਲਈ ਜਾਵੇ।
ਮੰਗ ਪੱਤਰ ਸੌਂਪਣ ਤੋਂ ਬਾਅਦ ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਸੂਬਾ ਜਨਰਲ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਭੱਟੀਵਾਲ ਅਤੇ ਜਿਲਾ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ‘ਆਪ’ ਸਰਕਾਰ ਨੇ ਰਵਾਇਤੀ ਸਰਕਾਰਾਂ ਵਾਂਗ ਹੀ ਵਾਅਦਿਆਂ ਨੂੰ ਭੁਲਾ ਕੇ ਸਿਰਫ ਤਨਖਾਹਾਂ ’ਚ ਵਾਧਾ ਕਰ ਕੇ ਪੂਰੇ ਪੰਜਾਬ ਵਿੱਚ ਕੱਚੇ ਅਧਿਆਪਕਾਂ ਰੈਗੂਲਰ ਕਰਨ ਦਾ ਪ੍ਰਚਾਰ ਕਰ ਦਿੱਤਾ ਗਿਆ। ਅਜਿਹੇ ਗੁੰਮਰਾਹਕੁਨ ਪ੍ਰਚਾਰ ਕਾਰਨ ਕੱਚੇ ਅਧਿਆਪਕਾਂ ’ਚ ਰੋਸ ਪਾਇਆ ਗਿਆ। ਉਨ੍ਹਾਂ ਕਿਹਾ ਕਿ ਤਨਖਾਹ ਸਕੇਲਾਂ ਤੇ ਸਾਰੇ ਭੱਤਿਆਂ ਨੂੰ ਲਾਗੂ ਕਰਾਉਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਬਿਲਕੁਲ ਨੇੜਲੇ ਪਿੰਡ ਖੁਰਾਣਾ ਵਿਖੇ ਸਿੱਖਿਆ ਪ੍ਰੋਵਾਈਡਰ ਇੰਦਰਜੀਤ ਸਿੰਘ ਮਾਨਸਾ ਬੀਤੀ 13 ਜੂਨ ਤੋਂ ਟੈਂਕੀ ਉਪਰ ਡਟਿਆ ਹੋਇਆ ਹੈ। ਕਰੀਬ ਸਾਢੇ ਛੇ ਮਹੀਨੇ (193 ਦਿਨ ) ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ ਵਲੋਂ ਨਾ ਤਾਂ ਕੋਈ ਮੀਟਿੰਗ ਕੀਤੀ ਅਤੇ ਨਾ ਹੀ ਮੰਗਾਂ ਦਾ ਕੋਈ ਹੱਲ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸਕੇਲਾਂ ਅਨੁਸਾਰ ਤਨਖਾਹ ਲਾਗੂ ਕੀਤੀ ਜਾਵੇ ਅਤੇ ਪ੍ਰੋਬੇਸ਼ਨ ਸਮਾਂ ਪੂਰਾ ਹੋਣ ’ਤੇ ਸਾਰੇ ਭੱਤੇ ਲਾਗੂ ਕਰਨ ਦਾ ਪੱਤਰ ਤੁਰੰਤ ਜਾਰੀ ਕੀਤਾ ਜਾਵੇ।
ਕੰਪਿਊਟਰ ਅਧਿਆਪਕਾਂ ਵੱਲੋਂ ਵੀ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਇਕਾਈ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਕੰਪਿਊਟਰ ਅਧਿਆਪਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਅਤੇ ਹੋਰ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸ਼ਰਮਾ ਨੇ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, 6ਵਾਂ ਪੇਅ ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸ ਰੂਲਜ਼ (3SR) ਪੂਰਨ ਤੌਰ ’ਤੇ ਲਾਗੂ ਕੀਤੇ ਜਾਣ ਅਤੇ ਸਵਰਗਵਾਸ ਹੋ ਚੁੱਕੇ ਪਰਿਵਾਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ/ਵਿੱਤੀ ਲਾਭ ਦਾ ਪ੍ਰਬੰਧ ਕੀਤਾ ਜਾਵੇ।